ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਤਾਲਮੇਲ ਤੇ ਜ਼ੋਰ ਦਿੱਤਾ
ਚੰਡੀਗੜ(ਰਾਜੇਸ ਜੈਨ-ਭਗਵਾਨ ਭੰਗੂ)ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲੀਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਚੰਡੀਗੜ੍ਹ ਮਨੀਸ਼ਾ ਚੌਧਰੀ ਅਤੇ ਐਸਐਸਪੀ ਐਸਏਐਸ ਨਗਰ ਸੰਦੀਪ ਗਰਗ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ।
ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਕਾਇਮ ਰੱਖਣ ਲਈ ਅੰਦਰੂਨੀ ਤੰਤਰ ਵਿਕਸਤ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਤਜਵੀਜ਼ ਦਿੱਤੀ ਕਿ ਖੇਤਰ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਵਿਚਕਾਰ ਤਿਮਾਹੀ ਜਾਂ ਦੋ-ਮਾਸਿਕ ਮੀਟਿੰਗਾਂ ਕੀਤੀਆਂ ਜਾਣ ਕਿਉਂ ਕਿ ਇਨ੍ਹਾਂ ਖੇਤਰਾਂ ਵਿੱਚ ਹੁੰਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਇਸਦੇ ਢੰਗ-ਤਰੀਕੇ ਇਕੋ ਜਿਹੇ ਹਨ।
ਉਨ੍ਹਾਂ ਨੇ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਣਕਾਰੀ ਸਾਂਝੀ ਕਰਨ ਵਾਸਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਐਸਐਸਪੀ ਮੁਹਾਲੀ ਨੂੰ ਟਰਾਈਸਿਟੀ ਵਿੱਚ ਅਪਰਾਧ ਦੇ ਰੁਝਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਐਸਐਸਪੀ ਚੰਡੀਗੜ੍ਹ ਅਤੇ ਡੀਸੀਪੀ ਪੰਚਕੂਲਾ ਨਾਲ ਨਿਯਮਤ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਵਚਨਬੱਧ ਹੈ।