ਲੁਧਿਆਣਾ (ਵਿਕਾਸ ਮਠਾੜੂ) ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ਼ ਕਰਨ ਲਈ, ਇਸ ਸਬੰਧੀ ਉਲੀਕੇ ਗਏ ਕਾਰਜਾਂ ਦੀ ਸਮੀਖਿਆ ਕਰਨ ਅਤੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ, ਲੁਧਿਆਣਾ ਵਿਖੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸੀਨੀਅਰ ਅਕਾਲੀ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਤੱਕ 16 ਲੱਖ ਤੋਂ ਵੱਧ ਫਾਰਮ ਭਰੇ ਜਾ ਚੁੱਕੇ ਹਨ ਅਤੇ ਇਸ ਲਹਿਰ ਨੂੰ ਹੋਰ ਤੇਜ ਕਰਨ ਲਈ 18 ਫਰਵਰੀ ਤੋਂ ਪਿੰਡ ਪੱਧਰ ਉੱਤੇ ਹਲਕਿਆਂ ਅਨੁਸਾਰ ਸਮਾਗਮ ਕਰਨ ਦੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਇੱਕ ਹਲਕੇ ਅੰਦਰ ਘੱਟੋ-ਘੱਟ ਚਾਰ ਥਾਵਾਂ `ਤੇ ਇਕੱਤਰਤਾਵਾਂ ਕਰਕੇ ਵੱਡੇ ਸਮਾਗਮ ਉਲੀਕੇ ਜਾਣਗੇ ਅਤੇ ਇਸ ਲਈ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਹਲਕਾ ਇੰਚਾਰਜਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਤੱਕ ਦੇ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਤਸੱਲੀ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਾਜਰ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਅਕਾਲੀ ਆਗੂਆਂ, ਇਸਤਰੀ ਅਤੇ ਨੌਜਵਾਨ ਅਕਾਲੀ ਦਲ ਵਰਕਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਗਏ ਕਾਰਜਾਂ ਅਤੇ ਦਸਤਖ਼ਤੀ ਮੁਹਿੰਮ ਵਿੱਚ ਪਿੰਡਾਂ ਅੰਦਰ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਘੱਟਗਿਣਤੀਆਂ ਦੇ ਹੱਕਾਂ ਨੂੰ ਢਾਹ ਲਗਾਈ ਜਾ ਰਹੀ ਹੈ, ਅਤੇ ਬਹੁਗਿਣਤੀਆਂ ਅਤੇ ਘੱਟਗਿਣਤੀਆਂ ਲਈ ਵੱਖਰੀਆਂ ਨੀਤੀਆਂ ਅਪਨਾਈਆਂ ਜਾ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਿੱਖ ਫ਼ੌਜੀਆਂ ਨੂੰ ਹੈਲਮਟ ਪਵਾਉਣ ਵਾਲੀ ਨੀਤੀ ਅਤੇ ਘੱਟਗਿਣਤੀਆਂ ਨਾਲ ਸਬੰਧਤ ਫੈਲੋਸ਼ਿਪ ਅਤੇ ਸਕਾਲਰਸ਼ਿਪ ਬੰਦ ਕਰਨ ਦੀ ਵੀ ਅਲੋਚਨਾ ਕੀਤੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕੈਮਪੁਰੀ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਸੁਰਜੀਤ ਸਿੰਘ ਰੱਖੜਾ, ਸ. ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ ਆਦਿ ਹਾਜ਼ਰ ਸਨ।