ਫ਼ਤਹਿਗੜ੍ਹ ਸਾਹਿਬ, 14 ਫਰਵਰੀ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਅਕ ਮਿਆਰ ਨੂੰ ਉਚਾ ਚੁੱਕਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਜ਼ਿਲ੍ਹੇ ਦੇ 656 ਸਕੂਲਾਂ ਨੂੰ ਇਨਰੋਲਮੈਂਟ ਦੇ ਆਧਾਰ ਤੇ ਵੱਖ-ਵੱਖ ਕੰਮਾਂ ਲਈ 01 ਕਰੋੜ 70 ਲੱਖ 45 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਅਤੇ ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੀਂਆਂ ਲੈਬ ਬਣਾਉਣ ਤੇ 85 ਲੱਖ 14 ਹਜ਼ਾਰ 77 ਰੁਪਏ ਖਰਚ ਕੀਤੇ ਗਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 09 ਸਕੂਲਾਂ ਵਿੱਚ 50.81 ਲੱਖ ਰੁਪਏ ਨਾਲ ਵਾਧੂ ਕਮਰੇ ਬਣਾਏ ਗਏ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਸਮਗੱਰਾ ਸਿੱਖਿਆ ਅਭਿਆਨ ਅਧੀਨ 08 ਪ੍ਰਾਇਮਰੀ ਅਤੇ 01 ਹਾਈ ਸਕੂਲ ਅਤੇ ਸਟੇਟ ਸਕੀਮ ਅਧੀਨ 29 ਪ੍ਰਾਇਮਰੀ ਤੇ 28 ਅਪਰ ਪ੍ਰਾਇਮਰੀ ਸਕੂਲਾਂ ਵਿੱਚ 01 ਕਰੋੜ 28 ਲੱਖ 986 ਰੁਪਏ ਦੀ ਲਾਗਤ ਨਾਲ ਮੇਜਰ ਰਿਪੇਅਰ ਵੀ ਕਰਵਾਈ ਗਈ ਹੈ। ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਅੰਦਰ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਸਕੂਲਾਂ ਦੀ ਨਿੱਜੀ ਤੌਰ ਤੇ ਜਾਂਚ ਕੀਤੀ ਜਾਵੇ ਤਾਂ ਜੋ ਸਕੂਲਾਂ ਅੰਦਰ ਹੋਏ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਧਿਆਨ ਰੱਖਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਬੱਚਿਆਂ ਨੂੰ ਰਚਨਾਤਮਿਕ ਸਿੱਖਿਆ ਮੁਹੱਈਆ ਕਰਵਾਉਣ ਲਈ 139 ਹਾਈ/ਸੈਕੰਡਰੀ ਅਤੇ 147 ਪ੍ਰਾਇਮਰੀ ਸਕੂਲਾਂ ਵਿੱਚ 29.50 ਲੱਖ ਰੁਪਏ ਖਰਚ ਕੇ ਐਜੁਕੇਸ਼ਨ ਪਾਰਕਾਂ ਦਾ ਨਿਰਮਾਣ ਕਰਵਾਇਆ ਗਿਆ ਅਤੇ 05 ਸਕੂਲਾਂ ਵਿੱਚ ਖੇਡ ਮੈਦਾਨ ਤਿਆਰ ਕਰਨ ਲਈ 07 ਲੱਖ 73 ਹਜਾਰ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 656 ਸਰਕਾਰੀ ਸਕੂਲਾਂ ਵਿੱਚ ਸਪੋਰਟਸ ਗ੍ਰਾਂਟ ਵਜੋਂ 56.05 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਦਸੰਬਰ 2022 ਵਿੱਚ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਜ਼ਿਲ੍ਹੇ ਦੇ 33 ਵਿਦਿਆਰਥੀਆਂ ਨੇ ਭਾਗ ਲੈ ਕੇ 38 ਮੈਡਲ ਜਿੱਤੇ ਅਤੇ ਪੂਰੇ ਪੰਜਾਬ ਵਿੱਚੋਂ ਜ਼ਿਲ੍ਹੇ ਨੇ ਤੀਜਾ ਸਥਾਨ ਹਾਸਲ ਕੀਤਾ।ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਟੇਅਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਬੱਚਿਆਂ ਦੇ ਸਿੱਖਣ ਪਰਿਣਾਮਾਂ ਦੇ ਆਧਾਰ ਤੇ ਤੀਜੀ ਜਮਾਤ ਦੇ ਬੱਚਿਆਂ ਦਾ ਮੋਬਾਇਲ ਐਪ ਰਾਹੀਂ ਟੈਸਟ ਲਿਆ ਗਿਆ ਜਿਸ ਦੀ ਰਿਪੋਰਟ ਸਿੱਧੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਭੇਜੀ ਗਈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸਿੱਖਣ ਸਮਰਥਾ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਰ੍ਹਾਂ ਬੱਚਿਆਂ ਦੇ ਹੱਕਾਂ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਦਰ ਵਰਕਸ਼ਾਪ ਵੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੀਆਂ ਮਾਵਾਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਬਾਰੇ ਸਿਖਲਾਈ ਦਿੱਤੀ ਗਈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅੰਗਰੇਜੀ ਬੋਲਣ ਦਾ ਫਲੋਅ ਬਣਾਉਣ ਦੇ ਮਕਸਦ ਨਾਲ ਇੰਗਲਿਸ਼ ਬੂਸਟਰ ਕਲੱਬ ਬਣਾ ਕੇ ਵਟਸਐਪ ਗਰੁੱਪ ਬਣਾਏ ਗਏ ਹਨ ਜਿਨ੍ਹਾਂ ਵਿੱਚ ਵਿਦਿਆਰਥੀਆਂ ਦੀਆਂ ਇੰਗਲਿਸ਼ ਸਪੀਕਿੰਗ ਦੀਆਂ ਵੀਡੀਓਜ਼ ਬਣਾ ਕੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਤਾਂ ਜ਼ੋ ਹੋਰਨਾਂ ਬੱਚਿਆਂ ਨੁੰ ਪ੍ਰੇਰਨਾ ਮਿਲ ਸਕੇ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੋਹਲ, ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਿੰਪਲ ਮਦਾਨ, ਡਾਇਟ ਪ੍ਰਿੰਸੀਪਲ ਡਾ: ਆਨੰਦ ਗੁਪਤਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦੀਦਾਰ ਸਿੰਘ ਮਾਂਗਟ ਤੋਂ ਇਲਾਵਾ ਕਮੇਟੀ ਮੈਂਬਰ ਅਤੇ ਹੋਰ ਅਧਿਕਾਰੀ ਹਾਜਰ ਸਨ।
