ਮੋਗਾ, 14 ਫਰਵਰੀ ( ਅਸ਼ਵਨੀ) -ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਨਾ ਦੀ ਦੇਖ-ਰੇਖ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਉਕਤ ਦੀ ਲਗਾਤਾਰਤਾ ਵਿੱਚ ਡੀ.ਐਸ.ਪੀ. ਟ੍ਰੈਫਿਕ ਮੋਗਾ ਜ਼ੋਰਾ ਸਿੰਘ ਕਾਂਗੜਾ ਦੀ ਰਹਿਨੁਮਾਈ ਹੇਠ ਅੱਜ ਲਾਈਟ ਟਰੱਕ ਯੂਨੀਅਨ ਮੋਗਾ ਦੇ ਡਰਾਇਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ’ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸੰਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਡਰਾਇਵਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਲਾਜ਼ਮੀ ਹਨ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕਰਕੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ।
ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਸੈਕਟਰੀ ਓਮ ਪ੍ਰਕਾਸ਼ ਆਦਿ ਹਾਜ਼ਰ ਸਨ।