ਪੰਜਾਬ ਸਰਕਾਰ ਦੇ ਹੁਕਮਾਂ ਦੀ 21 ਫਰਵਰੀ ਤੋਂ ਪਹਿਲਾਂ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ – ਗੁਰਪ੍ਰੀਤ ਸਿੰਘ ਥਿੰਦ”
ਪਟਿਆਲਾ, 15 ਫਰਵਰੀ (ਭਗਵਾਨ ਭੰਗੂ-ਲਿਕੇਸ਼ ਸ਼ਰਮਾ): ਕੌਮਾਂਤਰੀ ਮਾਤ ਭਾਸ਼ਾ ਦਿਵਸ (21 ਫਰਵਰੀ) ਤੱਕ ਪਟਿਆਲਾ ਜ਼ਿਲ੍ਹੇ ਦੇ ਸਾਰੇ ਅਦਾਰਿਆਂ ਦੇ ਬੋਰਡ ਗੁਰਮੁੱਖੀ ਲਿੱਪੀ ‘ਚ ਲਗਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵਪਾਰ ਮੰਡਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕਰਦਿਆਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਵਧੇਰੇ ਮਹੱਤਤਾ ਦਿੱਤੇ ਜਾਣ ਦੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਸਬੰਧੀ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਸਮੂਹ ਪੱਟੀਆਂ, ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ/ਗੁਰਮੁੱਖੀ ਲਿੱਪੀ ਨੂੰ ਪਹਿਲੇ ਸਥਾਨ ਉਪਰ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ।ਵਪਾਰ ਮੰਡਲ ਅਤੇ ਹੋਰ ਅਦਾਰਿਆਂ ਦੇ ਨੁਮਾਇੰਦਿਆਂ ਸਮੇਤ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਮੌਕੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਆਪਣੇ ਅਦਾਰਿਆਂ ਦੇ ਬਾਹਰ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ‘ਚ ਬੋਰਡ ਲਗਵਾਉਣ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ 21 ਫਰਵਰੀ ਤੱਕ ਬੋਰਡ ਲਗਾਉਣ ਦੇ ਕੰਮ ਨੂੰ ਨੇਪਰੇ ਚਾੜਿਆ ਜਾ ਸਕੇ।ਏ.ਡੀ.ਸੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ 21 ਫਰਵਰੀ ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ-ਪਹਿਲਾਂ ਸਾਰੇ ਜ਼ਿਲ੍ਹੇ ਅੰਦਰ ਵੱਖ-ਵੱਖ ਬਾਜ਼ਾਰਾਂ ਅੰਦਰ ਦੁਕਾਨਾਂ ਤੇ ਹੋਰ ਅਦਾਰਿਆਂ ਦੇ ਬਾਹਰ ਲੱਗੇ ਬੋਰਡਾਂ ਉਪਰ ਅਦਾਰਿਆਂ ਦੇ ਨਾਮ ਲਿਖਣ ਲਈ ਪੰਜਾਬੀ ਭਾਸ਼ਾ ਉਪਰਲੇ ਸਥਾਨ ‘ਤੇ ਜਾਂ ਪਹਿਲੇ ਥਾਂ ਉਤੇ ਲਿਖੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਹਿਲਾਂ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਹੁਤ ਸਾਰੇ ਅਦਾਰਿਆਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਗੁਰਮੁੱਖੀ ਲਿੱਪੀ ਨੂੰ ਤਰਜੀਹ ਦਿੱਤੀ ਹੈ।ਮੀਟਿੰਗ ਦੌਰਾਨ ਵਪਾਰ ਮੰਡਲ ਦੇ ਪ੍ਰਤੀਨਿਧਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਪਾਰੀਆਂ ਵੱਲੋਂ ਪੰਜਾਬੀ ਭਾਸ਼ਾ ‘ਚ ਬੋਰਡ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਪਾਰ ਮੰਡਲ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।ਇਸ ਮੌਕੇ ਵਪਾਰ ਮੰਡਲ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਗੁਪਤਾ, ਯੋਗੇਸ਼ ਟੰਡਨ, ਭੁਪਿੰਦਰ ਸਿੰਘ, ਰਾਕੇਸ਼ ਜੈਨ, ਇੰਜ. ਐਸ.ਪੀ. ਜਿੰਦਲ, ਮਹੇਸ਼ ਕਪੂਰ, ਰਾਜਿੰਦਰ ਕੁਮਾਰ, ਪਵਨ ਕੁਮਾਰ, ਭਗਵਾਨ ਦਾਸ ਚਾਵਲਾ, ਰਾਜਨ ਸਿੰਘ ਵੀ ਮੌਜੂਦ ਸਨ।
