Home ਪਰਸਾਸ਼ਨ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੱਢੀ ਚੇਤਨਾ ਰੈਲੀ ਨੂੰ ਡਿਪਟੀ ਕਮਿਸ਼ਨਰ...

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੱਢੀ ਚੇਤਨਾ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

41
0

ਫਾਜ਼ਿਲਕਾ(ਵਿਕਾਸ ਮਠਾੜੂ-ਅਸਵਨੀ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਅੱਜ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੰਜਾਬੀ ਭਾਸ਼ਾ ਚੇਤਨਾ ਰੈਲੀ ਆਯੋਜਿਤ ਕੀਤੀ ਗਈ ਜਿਸ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿਚ ਬੱਚਿਆਂ ਵੱਲੋਂ ਤਖਤੀਆਂ ਹੱਥਾਂ ਵਿਚ ਫੜ ਕੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬੀ ਮਾਂ ਬੋਲੀ ਅਤੇ ਪੰਜਾਬ ਰਾਜ ਭਾਸ਼ਾ ਐਕਟ ਬਾਰੇ ਜਾਗਰੂਕ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਹਨ ਕਿ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸਭਨਾਂ ਅੰਦਰ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਚੇਤਨਾ ਰੈਲੀ ਆਯੋਜਿਤ ਕਰਨ ਦਾ ਉਦੇਸ਼ ਹੈ ਕਿ ਬੱਚਿਆਂ ਵੱਲੋਂ ਸ਼ਹਿਰ ਅੰਦਰ ਘੁੰਮ ਕੇ ਸ਼ਹਿਰ ਵਾਸੀਆਂ ਨੂੰ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ‘ਤੇ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਕੀਤੇ ਜਾਂਦੇ ਕਾਰਜਾਂ ਦਾ ਸਭ ਉੱਪਰ ਡੂੰਘਾ ਪ੍ਰਭਾਵ ਪੈਂਦਾ ਹੈ ਇਸ ਕਰਕੇ ਪੰਜਾਬੀ ਭਾਸ਼ਾ ਚੇਤਨਾ ਰੈਲੀ ਕੱਢੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਭਾਸ਼ਾ ਪੰਜਾਬੀ(ਗੁਰਮੁਖੀ ਲਿਪੀ ਵਿੱਚ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਣ ਲਈ ਹਦਾਇਤ ਕੀਤੀ ਗਈ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀ ਭੁਪਿੰਦਰ ਉਤਰੇਜਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਮਿਤੀ 21 ਫ਼ਰਵਰੀ, 2023 ਤੋਂ ਪਹਿਲਾਂ- ਪਹਿਲਾਂ ਸਮੂਹ ਅਦਾਰਿਆਂ ਦੇ ਨਾਂ/ ਨਾਂ ਪੱਟੀਆਂ/ਸੰਕੇਤ ਅਤੇ ਸੂਚਨਾ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣੇ ਯਕੀਨੀ ਬਣਾਏ ਜਾਣ। ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਪੰਜਾਬ ਰਾਜ ਭਾਸ਼ਾ ਐਕਟ (2008 ਅਤੇ 2021) ਵਿਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ।

ਇਸ ਰੈਲੀ ਵਿੱਚ ਜ਼ਿਲ੍ਹਾ ਖੋਜ ਅਫ਼ਸਰ ਸ. ਪਰਮਿੰਦਰ ਸਿੰਘ ਰੰਧਾਵਾ, ਉੱਘੇ ਸਾਹਿਤਕਾਰ ਪ੍ਰਿੰ. ਗੁਰਮੀਤ ਸਿੰਘ ਫਾਜ਼ਿਲਕਾ, ਸ੍ਰੀ ਸੁਰਿੰਦਰ  ਕੰਬੋਜ ,ਐਮ. ਆਰ. ਸਰਕਾਰੀ ਕਾਲਜ ਫਾਜ਼ਿਲਕਾ ਦੇ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀ, ਫਾਜ਼ਿਲਕਾ ਦੇ ਲੜਕੇ ਅਤੇ ਲੜਕੀਆਂ ਦੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ

LEAVE A REPLY

Please enter your comment!
Please enter your name here