ਮੋਗਾ, 15 ਫਰਵਰੀ ( ਅਸ਼ਵਨੀ ) – ਨਸ਼ਾ ਮੁਕਤ ਭਾਰਤ ਪ੍ਰੋਜੈਕਟ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਾਰੇ ਵਿਭਾਗਾਂ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਸਬੰਧੀ ਇਕ ਐਕਸ਼ਨ ਪਲਾਨ ਬਣਾਉਣ ਬਾਰੇ ਹਦਾਇਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤ ਪ੍ਰੀਤ ਕੌਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ੍ਹ ਹੈ ਕਿ ਸਮਾਜ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਜ਼ਿਲਾ ਪ੍ਰਸਾਸ਼ਨ ਦੀ ਅਗਵਾਈ ਵਿੱਚ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਉਹਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਉਪਰਾਲੇ ਸ਼ੁਰੂ ਕੀਤੇ ਜਾਣ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਨੂੰ ਹਰ ਹੀਲੇ ਨਸ਼ੇ ਦੇ ਕੋਹੜ ਤੋਂ ਬਾਹਰ ਕੱਢਣਾ ਹੈ। ਇਸ ਲਈ ਹਰ ਵਿਭਾਗ ਅਤੇ ਅਧਿਕਾਰੀ ਆਪਣੇ ਪੱਧਰ ’ਤੇ ਉਪਰਾਲੇ ਕਰੇ। ਇਸ ਮੌਕੇ ਉਨਾਂ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਨਸ਼ੇ ਨੂੰ ਛੱਡ ਕੇ ਆਪਣਾ ਜੀਵਨ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਲੋੜ੍ਹ ਹੈ ਕਿ ਜੋ ਵਿਅਕਤੀ ਇਸ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਗਏ ਹਨ, ਉਨਾਂ ਦਾ ਇਲਾਜ਼ ਕਰਵਾ ਕੇ ਉਨਾਂ ਨੂੰ ਮੁੜ ਵਸੇਬੇ ਵੱਲ ਤੋਰਿਆ ਜਾਵੇ। ਇਸ ਤੋਂ ਇਲਾਵਾ ਜੋ ਨੌਜਵਾਨ ਇਸ ਤੋਂ ਬਚੇ ਹਨ, ਉਨਾਂ ਨੂੰ ਬਚਾਅ ਕੇ ਰੱਖਿਆ ਜਾਵੇ। ਇਸ ਲਈ ਜ਼ਰੂਰੀ ਹੈ ਕਿ ਵੱਖ-ਵੱਖ ਮਾਧਿਅਮਾਂ ਰਾਹੀਂ ਉਨਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਲਈ ਵਿਦਿਆਰਥੀਆਂ, ਔਰਤਾਂ, ਸੇਵਾਮੁਕਤ ਅਧਿਕਾਰੀਆਂ ਅਤੇ ਨੌਜਵਾਨਾਂ ਦਾ ਸਹਿਯੋਗ ਲਿਆ ਜਾਵੇ।
ਉਹਨਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੂੰ ਲਗਾਤਾਰ ਚਲਾਉਣ ਅਤੇ ਲੋਕਾਂ ਤੱਕ ਲਿਜਾਣ ਲਈ ਬਕਾਇਦਾ ਕੈਲੰਡਰ ਤਿਆਰ ਕਰਨ। ਕੈਲੰਡਰ ਮੁਤਾਬਿਕ ਗਤੀਵਿਧੀਆਂ ਕਰਵਾਈਆਂ ਜਾਣ। ਇਸ ਮੁਹਿੰਮ ਨੂੰ ਕੋਈ ਇਕੱਲਾ ਵਿਭਾਗ ਜਾਂ ਦਫ਼ਤਰ ਨਹੀਂ ਚਲਾ ਸਕਦਾ ਹੈ। ਇਸ ਲਈ ਸਾਰੀਆਂ ਧਿਰਾਂ ਦਾ ਬਰਾਬਰ ਦਾ ਸਹਿਯੋਗ ਜਰੂਰੀ ਹੈ। ਇਸ ਕੰਮ ਲਈ ਪਿੰਡ ਪੱਧਰ ਦੀਆਂ ਕਮੇਟੀਆਂ, ਯੂਥ ਕਲੱਬਾਂ, ਕਲੱਸਟਰ ਕੋਆਰਡੀਨੇਟਰ ਅਤੇ ਹੋਰ ਸਮਾਜਿਕ ਧਿਰਾਂ ਦਾ ਵੀ ਸਹਿਯੋਗ ਲਿਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਗਤੀਵਿਧੀਆਂ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਉਹ ਸਮਾਂਬੱਧ ਤਰੀਕੇ ਨਾਲ ਇਸ ਦਾ ਰਿਵਿਊ ਕਰਿਆ ਕਰਨਗੇ।