ਫ਼ਤਹਿਗੜ੍ਹ ਸਾਹਿਬ, 15 ਫਰਵਰੀ ( ਰੋਹਿਤ ਗੋਇਲ)-ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇ ਗੰਢ ਮਨਾਉਣ ਦੇ ਸਬੰਧ ਵਿੱਚ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਖੇਡਾਂ ਦੇ ਮੈਚ ਕਰਵਾਏ ਗਏ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇ ਗੰਢ ਨੂੰ ਸਮਰਪਿਤ ਬਾਸਕਟਬਾਲ ਦਾ ਮੌਚ ਕਰਵਾਇਆ ਗਿਆ ਜਿਸ ਵਿੱਚ ਬਾਸਕਟਬਾਲ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਬਾਸਕਟਬਾਲ ਕੋਚਿੰਗ ਸੈਂਟਰ ਮੂਲੇਪੁਰ ਦੀ ਟੀਮ ਨੂੰ 48-33 ਦੇ ਫਰਕ ਨਾਲ ਹਰਾਇਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ ਨੇ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਇਸ ਮਹਾਨ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਉਣੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਇੱਕ ਉਪਰਾਲਾ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕੇ।ਜ਼ਿਲ੍ਹਾ ਖੇਡ ਅਫਸਰ ਨੇ ਸਮੂਹ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਚੰਗਾ ਖਿਡਾਰੀ ਉਹੀ ਹੈ ਜੋ ਜਿੱਤ ਤੇ ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਦੇ ਹੋਏ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਪ੍ਰਤਿਭਾ ਦੇ ਜੋਹਰ ਵਿਖਾਏ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣਾ ਭਵਿੱਖ ਉਜਵਲ ਬਣਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਬਾਸਕਟਬਾਲ ਕੋਚ ਰਮਨੀਕ ਆਹੁਜਾ ਅਤੇ ਅਧਿਆਪਕ ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਤੇ ਖਿਡਾਰੀ ਹਾਜਰ ਸਨ।
