ਹੁਸ਼ਿਆਰਪੁਰ(ਰਾਜੇਸ ਜੈਨ-ਭਗਵਾਨ ਭੰਗੂ) ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ਜ਼ਿਲ੍ਹੇ ਵਿਚ ਜ਼ਮੀਨੀ ਪੱਧਰ ‘ਤੇ ਵਿਕਾਸ ਕੰਮਾਂ ਲਾਗੂ ਕਰਨ ਅਤੇ ਜਨਤਕ ਕੰਮਾਂ ਲਈ ਆਉਣ ਵਾਲੇ ਫੰਡਾਂ ਦੀ ਜਾਣਕਾਰੀ ਹਾਸਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਵਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਅਤੇ ਨਾਲ ਹੀ ਨਿਰਮਾਣ ਅਧੀਨ ਕੰਮਾਂ ਦਾ ਵੇਰਵਾ ਦੇਣ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਕਿਹਾ ਕਿ ਵਿਕਾਸ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਿਕਾਸ ਕੰਮਾਂ ਦਾ ਪੈਸਾ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿਚ ਉਪ ਅਰਥ ਅੰਕੜਾ ਤੇ ਸਲਾਹਕਾਰ ਰਵਿੰਦਰ ਪਾਲ ਦੱਤਾ ਤੋਂ ਇਲਾਵਾ ਸਮੂਹ ਬੀਡੀਪੀਓਜ਼, ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ, ਐਕਸੀਅਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।