“ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ”
ਬਰਨਾਲਾ, 21 ਫਰਵਰੀ (ਲਿਕੇਸ਼ ਸ਼ਰਮਾ – ਅਸ਼ਵਨੀ): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਤਿੰਨ ਸਕੂਲਾਂ ਨੂੰ ਪਹਿਲੇ ਪੜਾਅ ਵਿਚ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਣਾ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਹਿਲੇ ਪੜਾਅ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾਣਾ ਹੈ।ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਤਿੰਨਾਂ ਸਕੂਲਾਂ ਦਾ ਦੌਰਾ ਕਰਕੇ ਮੁਢਲੀ ਰੂਪ-ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਲੀ ਕਵਾਇਦ ਵਿੱਢੀ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚੇ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਲਵਜੀਤ ਕਲਸੀ, ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ, ਐਕਸੀਅਨ ਕਮਲਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।