ਮਾਲੇਰਕੋਟਲਾ 21 ਫਰਵਰੀ ( ਰੋਹਿਤ ਗੋਇਲ, ਮੋਹਿਤ ਜੈਨ)-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੇਰ 09-00 ਵਜੇ ਮਾਲੇਰਕੋਟਲਾ ਵਿਖੇ ਸਥਾਪਿਤ ਵੱਖ ਵੱਖ ਦਫ਼ਤਰਾਂ ਦੀ ਚੈਕਿੰਗ ਕਰਵਾਈ ਗਈ । ਚੈਕਿੰਗ ਦੌਰਾਨ ਵੱਖ ਵੱਖ ਦਫ਼ਤਰਾਂ ਦੇ 37 ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਦਫ਼ਤਰਾਂ ‘ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਤੇ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਦਫ਼ਤਰਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਮੇਂ ਸਿਰ ਆਉਣਾ, ਦਫ਼ਤਰੀ ਸਮੇਂ ਦੌਰਾਨ ਆਪਣੀ ਹਾਜ਼ਰੀ ਅਤੇ ਦਫ਼ਤਰੀ ਸਮੇਂ ਦੀ ਸੰਪੂਰਨਤਾ ਉਪਰੰਤ ਦਫ਼ਤਰ ਤੋਂ ਜਾਣ ਨੂੰ ਯਕੀਨੀ ਬਣਾਉਣ ।
ਉਨ੍ਹਾਂ ਕਿਹਾ ਕਿ ਆਮ ਲੋਕ ਜਦੋਂ ਸਰਕਾਰੀ ਦਫ਼ਤਰਾਂ ਵਿੱਚ ਸਮੱਸਿਆ ਦਾ ਹੱਲ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਦਾਰਦ (ਗੈਰ ਹਾਜ਼ਰ) ਦੇਖਦੇ ਹਨ ਤਾਂ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵੀ ਵਧ ਜਾਂਦੀ ਹੈ ਅਤੇ ਅਜਿਹੇ ਸਰਕਾਰੀ ਅਧਿਕਾਰੀਆਂ /ਕਰਮਚਾਰੀਆਂ ਕਰਕੇ ਸਰਕਾਰ ਦਾ ਅਕਸ ਖ਼ਰਾਬ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣੀ ਚਾਹੀਦੀ ਹੈ । ਦਫ਼ਤਰਾਂ ਵਿੱਚ ਆਉਣ ਵਾਲੇ ਬਜ਼ੁਰਗਾਂ /ਲੋੜਵੰਦਾਂ ਦੇ ਕੰਮ ਪਹਿਲ ਤੇ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪਣੀ ਰੁਟੀਨ ਨੂੰ ਠੀਕ ਕਰਦੇ ਹੋਏ, ਸਮੇਂ ਸਿਰ ਦਫ਼ਤਰ ‘ਚ ਆਉਣਾ ਯਕੀਨੀ ਬਣਾਉਣ ਲਈ ਕਿਹਾ ਅਤੇ ਹਦਾਇਤ ਜਾਰੀ ਕੀਤੀ ਕਿ ਉਹ ਦਫ਼ਤਰ ਤੋਂ ਬਾਹਰ ਫ਼ੀਲਡ ਵਿੱਚ ਸਰਕਾਰੀ ਕੰਮ ਲਈ ਜਾਣ ਸਮੇਂ ਮੂਵਮੈਂਟ ਰਜਿਸਟਰ ਵਿੱਚ ਇੰਦਰਾਜ ਕਰਨ ਨੂੰ ਵੀ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ‘ਚ ਜ਼ਿਲ੍ਹੇ ‘ਚ ਅਚਨਚੇਤ ਚੈਕਿੰਗ ਫਿਰ ਕੀਤੀ ਜਾਵੇਗੀ । ਚੈਕਿੰਗ ਦੌਰਾਨ ਗ਼ੈਰ ਹਾਜ਼ਰ ਪਾਏ ਗਏ ਸਟਾਫ਼ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ ।ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਮੈਜਿਸਟਰੇਟਾਂ ਅਤੇ ਸਮੂਹ ਦਫ਼ਤਰਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਕੰਮ ਕਰਦੇ ਸਟਾਫ਼ ਦੀ ਦਫ਼ਤਰੀ ਸਮੇਂ ਅਧੀਨ ਹਾਜ਼ਰੀ ਨੂੰ ਯਕੀਨੀ ਬਣਾਉਣ ।
