– ਸਰਕਾਰੀ ਸਕੂਲਾਂ ਵਿੱਚ 1800 ਨਵੇਂ ਕਮਰੇ ਬਣਾਏ ਤੇ 300 ਸਕੂਲਾਂ ਦੀਆਂ ਇਮਾਰਤਾਂ ਕੀਤੀਆਂ ਤਬਦੀਲ
ਖਮਾਣੋਂ , 22 ਫਰਵਰੀ ( ਰਾਜਨ ਜੈਨ)-ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਪਹਿਲੇ 11 ਮਹੀਨੇ ਦੌਰਾਨ ਛੇ ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਹੈ ਅਤੇ ਛੇ ਹਜ਼ਾਰ ਅਧਿਆਪਕ ਹੋਰ ਭਰਤੀ ਕਰਨ ਲਈ ਆਉਂਦੀ 05 ਮਾਰਚ ਨੂੰ ਪੇਪਰ ਹੋਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪਿੰਡ ਮਨੈਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਸਰਕਾਰੀ ਸਕੂਲ ਆਫ ਐਮੀਨੈਂਸ ਵਿੱਚ ਆਨ ਲਾਇਨ ਦਾਖਲਾ ਪ੍ਰਕ੍ਰਿਆ ਦੀ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਇਸ ਮੌਕੇ ਆਮ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਜਾਗਰੂਕ ਕਰਦੀ ਵੈਨ ਵੀ ਰਵਾਨਾਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਦੇ ਨਾਮ ਤੇ ਵੋਟਾਂ ਮੰਗੀਆਂ ਸਨ ਅਤੇ ਪਿਛਲੇ 11 ਮਹੀਨਿਆਂ ਅੰਦਰ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਹੋਏ ਹਨ।ਸਿੱਖਿਆ ਮੰਤਰੀ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਦੂਰ ਅੰਦੇਸ਼ੀ ਸੋਚ ਨਾਲ ਸਿੱਖਿਆ ਨੀਤੀ ਬਣਾਈ ਹੈ ਜਿਸ ਅਨੁਸਾਰ ਹਰੇਕ ਸਾਲ ਰਿਟਾਇਰ ਹੋਣ ਵਾਲੇ ਅਧਿਆਪਕਾਂ ਦੀ ਥਾਂ ਨਵੇਂ ਆਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ ਤੇ ਆਉਂਦੇ ਕੁਝ ਹੀ ਸਾਲਾਂ ਅੰਦਰ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਧਿਆਪਕਾਂ ਤੋਂ ਬਿਨਾਂ ਨਹੀਂ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ 11 ਮਹੀਨੇ ਵਿੱਚ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸਹੂਲਤ ਲਈ 1800 ਨਵੇਂ ਕਲਾਸ ਰੂਮਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ 300 ਸਰਕਾਰੀ ਸਕੂਲਾਂ ਦੀਆਂ ਖਸਤਾ ਹਾਲ ਇਮਾਰਤਾਂ ਦੀ ਥਾਂ ਨਵੀਂਆਂ ਇਮਾਰਤਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਆਉਂਦੇ ਵਿੱਤੀ ਸਾਲ 1000 ਅਜਿਹੇ ਸਕੂਲਾਂ ਦੀਆਂ ਇਮਾਰਤਾਂ ਦੀ ਨੁਹਾਰ ਬਦਲੀ ਜਾਵੇਗੀ ਜੋ ਕਿ ਇਸ ਸਮੇਂ ਖਸਤਾ ਹਾਲ ਹਨ।ਬੈਂਸ ਨੇ ਹੋਰ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਮ.ਬੀ.ਬੀ.ਐਸ., ਆਈ.ਆਈ.ਟੀ., ਐਨ.ਡੀ.ਏ. ਤੇ ਲਾਅ ਵਰਗੇ ਕੋਰਸਾਂ ਵਿੱਚ ਦਾਖਲਾ ਲੈਣ ਦੇ ਯੋਗ ਬਣਾਉਣ ਲਈ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਖੋਲੇ ਗਏ ਹਨ ਜਿਨ੍ਹਾਂ ਵਿੱਚ ਦਾਖਲਾ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਆਨ ਲਾਇਨ ਦਾਖਲੇ ਲਈ 10 ਮਾਰਚ ਤੱਕ ਪੋਰਟਲ ਖੁਲਿਆ ਰਹੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 500 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਉਸ ਤਰ੍ਹਾਂ 117 ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।ਸਿੱਖੀਆ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਭੇਜਣ ਕਿਉਂਕਿ ਅੱਜ ਜਿਥੇ ਪੰਜਾਬ ਅੰਦਰ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਉਥੇ ਹੀ ਸਰਕਾਰੀ ਸਕੂਲਾਂ ਅੰਦਰ ਬਿਜਨਸ ਬਲਾਸਟ ਚੱਲ ਰਹੇ ਹਨ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਯੋਗ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਮਾਪੇ ਕਿਸੇ ਕਿਸਮ ਦੀ ਮੁਸ਼ਕਲ ਨਾ ਝੱਲਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣ ਅਤੇ ਸਰਕਾਰ ਉਨ੍ਹਾਂ ਦਾ ਭਵਿੱਖ ਉਜਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ। ਇਸ ਮੌਕੇ ਉਨ੍ਹਾਂ 19 ਵਿਦਿਆਰਥੀਆਂ ਦੀ ਆਨ ਲਾਇਨ ਭਰਤੀ ਕੀਤੀ ਅਤੇ ਉਨ੍ਹਾਂ ਨੂੰ ਸਮਾਰਟ ਟੈਬ ਵੰਡਣ ਤੋਂ ਇਲਾਵਾ ਸਕੂਲ ਵਿੱਚ ਵਾਧੂ ਕਲਾਸ ਰੂਮ ਤੇ ਆਨ ਲਾਇਨ ਪੜ੍ਹਾਈ ਕਰਨ ਵਾਲੇ ਪੈਨਲ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਜੋ ਤਬਦੀਲੀਆਂ ਕੀਤੀਆਂ ਗਈਆਂ ਹਨ ਉਹ ਪਹਿਲਾਂ ਕਿਸੇ ਵੀ ਸਰਕਾਰ ਦੇ ਸਮੇਂ ਅੰਦਰ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਬਸੀ ਪਠਾਣਾ ਹਲਕੇ ਨੂੰ ਮਾਡਲ ਹਲਕੇ ਵਜੋਂ ਵਿਕਸਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਦਾ ਨਿਰਮਾਣ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ ਤਾਂ ਜੋ ਪੰਜਾਬ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣ ਸਕੇ।ਇਸ ਮੌਕੇ ਸਟੇਟ ਐਜੁਕੇਸ਼ਨ ਰਿਸਚਰਚ ਐਂਡ ਟਰੇਨਿੰਗ ਕਾਊਂਸਲ ਦੇ ਡਾਇਰੈਕਟਰ ਸ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਡਾ: ਸ਼ੰਕਰ ਚੌਧਰੀ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਪੜ੍ਹੋ ਪੰਜਾਬ ਦੇ ਸਟੇਟ ਕੋਆਰਡੀਨੇਟਰ ਹਰਮਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਡਿੰਪਲ ਮਦਾਨ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀਮਤੀ ਪਰਮਵੀਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੁਸ਼ੀਲ ਨਾਥ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦੀਦਾਰ ਸਿੰਘ ਮਾਂਗਟ, ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਦਿਨੇਸ਼ ਕੁਮਾਰ, ਪੜ੍ਹੋ ਪੰਜਾਬ ਦੇ ਜ਼ਿਲ੍ਹਾ ਕੁਆਰਡੀਨੇਟਰ ਜਗਤਾਰ ਸਿੰਘ ਮਨੈਲਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਪ੍ਰਿੰਸੀਪਲ ਤੇ ਹੋਰ ਪਤਵੰਤੇ ਮੌਜੂਦ ਸਨ।
