ਫ਼ਤਹਿਗੜ੍ਹ ਸਾਹਿਬ, 22 ਫਰਵਰੀ ( ਰੋਹਿਤ ਗੋਇਲ)-ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਚਲਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨਾਲ ਦੋਸਤਾਨਾ ਰਵੱਈਆ ਅਪਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿਵਲ ਹਸਪਤਾਲ ਦੇ ਕੀਤੇ ਅਚਨਚੇਤ ਦੌਰੇ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਤੇ ਅਪਡੇਟ ਕਰਨ ਬਾਰੇ ਸਿਵਲ ਸਰਜਨ ਡਾ: ਵਿਜੈ ਕੁਮਾਰ ਤੇ ਐਸ.ਐਮ.ਓ. ਡਾ: ਹਰਚੰਦ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੁੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹਾ ਵਾਸੀਆਂ ਨੂੰ ਕਾਫੀ ਲਾਹਾ ਮਿਲ ਰਿਹਾ ਹੈ ਅਤੇ ਲੋਕ ਆਪਣਾ ਇਲਾਜ ਕਰਵਾਉਣ ਲਈ ਇਨ੍ਹਾਂ ਕਲੀਨਿਕਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਮੁਫਤ ਦਵਾਈਆਂ ਤੇ ਕੀਤੇ ਜਾਣ ਵਾਲੇ ਟੈਸਟਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦੀ ਇਮਾਰਤ ਵਿੱਚ ਹੋਰ ਸੁਧਾਰ ਕਰਨ, ਹਸਪਤਾਲ ਵਿੱਚ ਨਵੀਂਆਂ ਮਸ਼ੀਨਾਂ ਲਗਾਉਣ, ਵਿਚਲੀਆਂ ਸੜਕਾਂ ਬਣਾਉਣ, ਹਸਪਤਾਲ ਦੀ ਸੀਵਰੇਜ ਨੂੰ ਸੁਚਾਰੂ ਢੰਗ ਨਾਲ ਚਲਾਉਣ, ਹਸਪਤਾਲ ਦੀਆਂ ਖਿੜਕੀਆਂ ਤੇ ਦਰਵਾਜੇ ਨਵੇਂ ਲਗਾਉਣ, ਸਿਵਲ ਸਰਜਨ ਦਾ ਦਫ਼ਤਰ ਵੱਖਰਾ ਬਣਾਉਣ, ਮਰੀਜਾਂ ਦੇ ਬੈਠਣ ਲਈ ਢੁਕਵੀਂ ਜਗ੍ਹਾਂ ਬਣਾਉਣ ਅਤੇ ਹਸਪਤਾਲ ਵਿੱਚ ਇੰਟਰਲਾਕਿੰਗ ਟਾਇਲਾਂ ਲਗਾਉਣ ਵਰਗੇ ਅਹਿਮ ਮੁੱਦਿਆਂ ਤੇ ਵਿਸਥਾਰ ਸਹਿਤ ਗੱਲਬਾਤ ਕੀਤੀ।ਸ਼੍ਰੀਮਤੀ ਸ਼ੇਰਗਿੱਲ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਇਲਾਵਾ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਡਾ: ਸੁਰਿੰਦਰ ਸਿੰਘ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।