Home Political ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ...

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ*

31
0

*ਐਸ.ਏ.ਐਸ ਨਗਰ (ਮੁਹਾਲੀ), 24 ਫਰਵਰੀ ( ਰੋਹਿਤ ਗੋਇਲ, ਲਿਕੇਸ਼ ਸ਼ਰਮਾਂ) -ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ ਦਿਲ ਸੇ (ਐਮ.ਓ.ਡੀ.ਐਸ.) ਕਰੇਗੀ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਸਮਾਪਤੀ ਮੌਕੇ ਉਦਯੋਗਪਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਮ.ਓ.ਡੀ.ਐਸ ਸਿੱਧੇ ਤੌਰ ‘ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸ ਵਿੱਚ ਪੂਰਨ ਵਿਸ਼ਵਾਸ ਅਤੇ ਉਤਸ਼ਾਹ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖਤਮ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ‘ਚ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਆਪਣੇ ਬਲਬੂਤੇ ਆਏ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਆਪਣੇ ਟੀਚੇ ਦੇ ਅਨੁਸਾਰ ਸੂਬੇ ਵਿੱਚ ਵਿਸਤਾਰ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਦਯੋਗ ਨੂੰ ਹੋਰ ਹੁਲਾਰਾ ਦੇਣ ਲਈ ਹਰ ਸਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ ਵੱਖ ਖੇਤਰਾਂ ਉੱਤੇ ਅਧਾਰਿਤ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਦੇ ਖੇਤਰੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।ਮੁੱਖ ਮੰਤਰੀ ਨੇ ਪੰਜਾਬ ਨੂੰ ਤਰੱਕੀਪਸੰਦ ,ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਨਅਤ ਦੇ ਸਰਗਰਮ ਸਹਿਯੋਗ ਨਾਲ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ।  ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮਨੋਰਥ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਬਿਤਾਏ ਗਏ ਸਮੇਂ ਦਾ ਯਾਦਗਾਰੀ ਤਜਰਬਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਜਿਵੇਂ ਕਿ ਵਪਾਰ ਕਰਨ ਵਿੱਚ ਸੌਖ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਦੇ ਤਜਰਬੇ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਲਈ ਸੂਬੇ ਦੇ ਦੂਤ ਬਣਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਇਸ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਣਾ ਹੈ।

ਸਫਲਤਾ ਲਈ ਵਧਾਈ ਵੀ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਮਾਗਮ ਨੂੰ ਵੱਡੀ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਸਖ਼ਤ ਮਿਹਨਤ ਕੀਤੀ।  ਭਗਵੰਤ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਉਦਯੋਗਪਤੀਆਂ ਦਾ ਧੰਨਵਾਦ ਵੀ ਕੀਤਾ।

ਸੂਬੇ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਇੱਥੇ ਸਭ ਤੋਂ ਵੱਧ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਖੇਤਰ ਦਾ ਧੁਰਾ ਹੈ ਜੋ ਫ਼ਾਰਮਾ, ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਵਪਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਗਤੀ ਹੋਰ ਤੇਜ਼ ਕਰਨ ‘ਤੇ ਵੀ ਹੈ ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਮੁੱਖ ਮੰਤਰੀ ਨੇ ਸੂਬੇ ਨੂੰ ਵਿਸ਼ਵ ਭਰ ਵਿੱਚ ‘ਸਿਹਤ ਸੰਭਾਲ’ ਦੇ ਧੁਰੇ ਵਜੋਂ ਉਭਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਅੱਗੇ ਵਧਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਇਹ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰੇਗਾ ਅਤੇ ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਅਹਿਮ ਸਾਬਤ ਹੋਣਗੇ।  ਭਗਵੰਤ ਮਾਨ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਕਲਾਸ ਦੀਆਂ ਬਿਹਤਰ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਲਮੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।

ਇਸ ਤੋਂ ਪਹਿਲਾਂ ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਅਧਿਕਾਰੀਆਂ ਵਿਸ਼ੇਸ਼ ਤੌਰ ‘ਤੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਅਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਦਾ ਧੰਨਵਾਦ ਵੀ ਕੀਤਾ। ਅਨਮੋਲ ਗਗਨ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਵੇਖਣ ਨੂੰ ਮਿਲੇਗਾ।

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਸੂਬੇ ਨੂੰ ਪ੍ਰਗਤੀਸ਼ੀਲ ਪੰਜਾਬ ਬਣਾਉਣ ਦੀ ਦੂਰਅੰਦੇਸ਼ ਪਹੁੰਚ ਅਤੇ ਲਗਨ ਹੈ।ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਨੇ ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਦਾ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜੀ.ਐਸ.ਟੀ. ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਦੀ ਵੀ ਸ਼ਲਾਘਾ ਕੀਤੀ।  ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਵਾਸਤੇ ਉੱਤਮ ਕਾਰਗੁਜ਼ਾਰੀ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਵੀ ਸਨਮਾਨਿਤ ਕੀਤਾ।  ਉਨ੍ਹਾਂ ਨੇ ਬਿਹਤਰ ਕਾਰਗੁਜ਼ਾਰੀ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀ ਪਾਲ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਨੇ ਧੰਨਵਾਦ ਮਤਾ ਪੇਸ਼ ਕੀਤਾ।

LEAVE A REPLY

Please enter your comment!
Please enter your name here