ਚੰਡੀਗੜ(ਮੋਹਿਤ-ਅਸਵਨੀ)ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸਾਬਕਾ ਸੀਐਮ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਭਗਵੰਤ ਮਾਨ ਕੋਲ ਹੈ, ਉਹ ਕੀ ਕਰ ਰਹੇ ਹਨ ? ਪੰਜਾਬ ਅਤੇ ਪੂਰਬੀ ਭਾਰਤ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਜੇਕਰ ਉਹ ਨਹੀਂ ਸੰਭਾਲ ਸਕਦੇ ਤਾਂ ਕੇਂਦਰ ਸਰਕਾਰ ਨੂੰ ਸੰਭਾਲਣਾ ਪਵੇਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲ ਨਾ ਸਕੀ ਤਾਂ ਭਾਰਤ ਸਰਕਾਰ ਨੂੰ ਸੰਭਾਲਣਾ ਪਵੇਗਾ। ਡਰੋਨ ਹਰ ਰੋਜ਼ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਪੰਜਾਬ ‘ਚ ਕਾਨੂੰਨ ਵਿਵਸਥਾ ਖਸਤਾਹਾਲ – ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਪੰਜਾਬ ਵਿਚ ਕੀ ਹੋ ਰਿਹਾ ਹੈ, ਇਸ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਹ ਕੋਈ ਵੀ ਕਦਮ ਚੁੱਕਣ ਤੋਂ ਡਰਦੇ ਹਨ। ਪੁਲਿਸ ਅਧਿਕਾਰੀਆਂ ਨੂੰ ਅਜਨਾਲਾ ਕਾਂਡ ਦੌਰਾਨ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਜ਼ਰੂਰ ਮਿਲੇ ਹੋਣਗੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਖਸਤਾਹਾਲ ਹੋ ਚੁੱਕੀ ਹੈ।
ਕੀ ਹੈ ਮਾਮਲਾ
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਤਲਵਾਰਾਂ ਤੇ ਹਥਿਆਰ ਲੈ ਕੇ ਵੀਰਵਾਰ ਨੂੰ ਪੁਲਿਸ ਨਾਲ ਭਿੜ ਗਏ ਸੀ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲਿਸ ਦਾ ਸੁਰੱਖਿਆ ਘੇਰਾ ਤੋੜ ਕੇ ਥਾਣੇ ਅੰਦਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਸੀ। ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲੇ ਨੇ ਅਜਨਾਲਾ ਵਿਖੇ ਵਾਪਰੀ ਘਟਨਾ ਬਾਰੇ ਪੰਜਾਬ ਪੁਲਿਸ ਤੋਂ ਵੀ ਵਿਸਥਾਰਤ ਰਿਪੋਰਟ ਮੰਗੀ ਹੈ।