ਚੰਡੀਗੜ੍ਹ, ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਬਰਸੀ ਨੂੰ ਲੈ ਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਮਾਨ ਨੇ ਪੰਜਾਬ ਭਰ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ।ਇਸਤੋਂ ਪਹਿਲਾਂ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ ‘ਚ ਭਗਵੰਤ ਮਾਨ ਵੱਲੋਂ ਦੇਸ਼ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।ਉਧਰ, ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਮੰਗ ਰੱਖੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਵਿਧਾਨ ਸਭਾ ਵਿੱਚ ਲਾਇਆ ਜਾਵੇ, ਜਿਸ ਦੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪ੍ਰੋੜਤਾ ਕਰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਦੀ ਵੀ ਮੰਗ ਰੱਖੀ।