ਫ਼ਤਹਿਗੜ੍ਹ ਸਾਹਿਬ, 27 ਫਰਵਰੀ ( ਵਿਕਾਸ ਮਠਾੜੂ, ਮੋਹਿਤ ਜੈਨ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵਿਦੇਸ਼ਾਂ ਵਿੱਚ ਕੰਮ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਜਾਣਕਾਰੀ ਦੇਣ ਲਈ 28 ਫਰਵਰੀ ਨੂੰ ਸਵੇਰੇ 10:00 ਵਜੇ ਬੱਚਤ ਭਵਨ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਯੂ.ਕੇ. ਤੇ ਕੈਨੇਡਾ ਵਿੱਚ ਰੋਜ਼ਗਾਰ ਕਰਨ ਦੇ ਮੌਕਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਇਹ ਸੈਮੀਨਾਰ ਜ਼ਿਲ੍ਹੇ ਦੇ ਪ੍ਰਾਰਥੀਆਂ ਲਈ ਰੋਜ਼ਗਾਰ ਹਾਸਲ ਕਰਨ ਦਾ ਸੁਨਿਹਰੀ ਮੌਕਾ ਹੈ, ਜਿਹੜੇ ਵਿਦੇਸ਼ਾਂ ਵਿੱਚ ਰੋਜ਼ਗਾਰ ਲੱਭ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਇਸ ਦਾ ਲਾਭ ਉਠਾਉਣ।ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੇ-ਕਮ-ਮਾਡਲ ਸਰਵਿਸ ਵੱਲੋਂ 01 ਮਾਰਚ ਨੂੰ ਸਵੇਰੇ 11:00 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਸਬੰਧੀ ਗਾਈਡੈਂਸ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ ਇਸ ਸੈਮੀਨਾਰ ਵਿੱਚ ਰੋਜ਼ਗਾਰ ਤੇ ਸਵੈ ਰੋਜ਼ਗਾਰ ਹਾਸਲ ਕਰਨ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਰੋਜ਼ਗਾਰ ਦੇ ਬਦਲਵੇਂ ਮੌਕਿਆਂ ਤੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਾਰਥੀ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਉਹ ਇਸ ਸੈਮੀਨਾਰ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸੈਮੀਨਾਰ ਵਿੱਚ ਜ਼ਿਲ੍ਹੇ ਦੇ ਲੀਡ ਬੈਂਕ ਮੈਨੇਜਰ ਵੱਲੋਂ ਸਵੈ ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਜਾਵੇਗਾ। ਇਸ ਸੈਮੀਨਾਰ ਵਿੱਚ ਇੰਸਟੀਚਿਊਟ ਆਫ ਪ੍ਰੋਫੈਸ਼ਨਲ ਬੈਕਿੰਗ ਦੇ ਫਾਊਂਡਰ ਅਤੇ ਐਮ.ਡੀ. ਗੁਰਸਿਮਰਨ ਓਬਰਾਏ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ ਅਤੇ ਪ੍ਰਾਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਉਣਗੇ।ਇਨਾਂ ਸੈਮੀਨਾਰ ਬਾਰੇ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।
