ਫ਼ਤਹਿਗੜ੍ਹ ਸਾਹਿਬ, 28 ਫਰਵਰੀ ( ਮੋਹਿਤ ਜੈਨ) -ਨਹਿਰੂ ਯੁਵਾ ਕੇਂਦਰ ਵੱਲੋਂ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਮਹਿੰਦਰਾ ਕਾਲਜ ਪਟਿਆਲਾ ਤੋਂ ਨਾਟਕਕਾਰ ਸੁਰਜੀਤ ਸਿੰਘ ਜੁਗਨੂੰ ਦੀ ਟੀਮ ਨੇ ਵਿਦਿਅਰਥੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਦਾ ਨਾਟਕ ਪੇਸ਼ ਕੀਤਾ।ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਡਾ:ਦਿਲਵਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਅਸੀਂ ਆਪਣੀ ਮਾਂ ਬੋਲੀ ਨੂੰ ਭੁਲਦੇ ਜਾ ਰਹੇ ਹਾਂ ਅਤੇ ਇਤਿਹਾਸ ਗਵਾਹ ਹੈ ਕਿ ਆਪਣੀ ਮਾਂ ਬੋਲੀ ਨੂੰ ਭੁਲਣ ਵਾਲੀਆਂ ਕੌਮਾਂ ਕਦੇ ਵੀ ਵਿਕਾਸ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਨਾਲ ਜੁੜਨ ਲਈ ਇੱਕ ਦੂਜ਼ੇ ਨਾਲ ਮਿਲ ਕੇ ਲੋਕ ਲਹਿਰ ਚਲਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੁੜਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਯੂਥ ਅਫਸਰ ਨੇਹਾ ਸ਼ਰਮਾ, ਹਰਮਨਪ੍ਰੀਤ ਸਿੰਘ ਅਤੇ ਕਾਲਜ਼ ਦਾ ਸਟਾਫ ਤੇ ਵਿਦਿਆਰਥੀ ਹਾਜਰ ਸਨ।
