ਫ਼ਤਹਿਗੜ੍ਹ ਸਾਹਿਬ, 28 ਫਰਵਰੀ ( ਰੋਹਿਤ ਗੋਇਲ)-ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਐਲਬਰਟਾ (ਕੈਨੇਡਾ) ਦੀ ਰਾਜਧਾਨੀ ਐਡਮਨਟਨ ਸ਼ਹਿਰ ਦੇ ਪਹਿਲੇ ਪੰਜਾਬੀ ਮੇਅਰ ਅਤੇ ਸਾਬਕਾ ਮੰਤਰੀ ਸ. ਅਮਰਜੀਤ ਸਿੰਘ ਸੋਹੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਨਾਲ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ।ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬੀ ਅੱਜ ਦੁਨੀਆਂ ਦੇ ਕੋਨੇ ਕੋਨੇ ਵਿੱਚ ਉਚ ਆਹੁਦਿਆਂ ਤੇ ਪਹੁੰਚ ਕੇ ਪੰਜਾਬੀ ਮਾਂ ਬੋਲੀ ਦਾ ਸਿਰ ਫਖ਼ਰ ਨਾਲ ਉਚਾ ਕਰ ਰਹੇ ਹਨ ਜਿਨ੍ਹਾਂ ਦੀ ਇਸ ਪ੍ਰਾਪਤੀ ਤੇ ਹਰੇਕ ਪੰਜਾਬੀ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਾਡੀ ਸਰਕਾਰ ਪੰਜਾਬ ਦੇ ਮਹਾਨ ਸਪੂਤਾਂ ਦੀ ਹਰੇਕ ਪ੍ਰਾਪਤੀ ਦੀ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਲੋਕ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਮਹਾਨ ਪ੍ਰੰਪਰਾਵਾਂ ਦਾ ਲੋਹਾ ਮੰਨਦੇ ਹਨ ਅਤੇ ਪੰਜਾਬੀਆਂ ਨੇ ਆਪਣੀ ਸਖਤ ਮਿਹਨਤ ਤੇ ਲਗਨ ਸਦਕਾ ਕਈ ਦੇਸ਼ਾਂ ਵਿੱਚ ਉਚ ਆਹੁਦੇ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਨੂੰ ਅੱਗੇ ਵਧਾਉਂਦੇ ਹੋਏ ਸ. ਸੋਹੀ ਨੇ ਨਵੀਂਆਂ ਪੈੜਾਂ ਪਾਈਆਂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਹ ਸ਼ਹਿਰ ਹੋਰ ਵੀ ਤਰੱਕੀਆਂ ਕਰੇਗਾ।ਵਿਧਾਇਕ ਨੇ ਪ੍ਰਵਾਸੀ ਪੰਜਾਬੀਆਂ ਦੀ ਤਰੱਕੀ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਆਪਣੇ ਭਾਈਚਾਰੇ ਦੇ ਲੋਕਾਂ ਵੱਲੋਂ ਕੀਤੀ ਗਈ ਤਰੱਕੀ ਵੇਖ ਕੇ ਖੁਸ਼ੀ ਹੁੰਦੀ ਹੈ ਅਤੇ ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬੀਆਂ ਨੇ ਨਾ ਸਿਰਫ ਸਮਾਜ ਸੇਵਾ ਦੇ ਕੰਮਾਂ ਵਿੱਚ ਸ਼ਲਾਘਾਯੋਗ ਯੋਗਦਾਨ ਪਾਇਆ ਹੈ ਸਗੋਂ ਸਿਆਸਤ ਵਿੱਚ ਵੀ ਪੰਜਾਬੀਆਂ ਦਾ ਕੋਈ ਸਾਨੀ ਨਹੀਂ ਹੈ।ਇਸ ਮੌਕੇ ਪ੍ਰਵਾਸੀ ਪੰਜਾਬੀ ਹਰਿੰਦਰ ਸਿੰਘ ਬਧੌਛੀ ਕਲਾਂ, ਹਰਪਿੰਦਰ ਸਿੰਘ ਗਿੱਲ ਕੈਲਗਿਰੀ, ਨੀਟੂ ਸੋਹੀ ਅਤੇ ਮਨੀਸ਼ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਆਪਣੇ ਦੇਸ਼ ਵਿੱਚ ਪੇਸ਼ ਆਉਦੀਆਂ ਮੁਸ਼ਕਲਾਂ ਦੇ ਹੱਲ ਲਈ ਜੋ ਕਦਮ ਚੁੱਕੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਹਨ। ਉਨ੍ਹਾਂ ਕਿਹਾ ਕਿ ਸਮੂਹ ਪ੍ਰਵਾਸੀ ਪੰਜਾਬੀ ਮਾਨ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਨ੍ਹਾਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ. ਰਾਏ ਇੱਕ ਮਿਹਨਤੀ ਤੇ ਨੇਕ ਦਿਲ ਸਿਆਸਤਦਾਨ ਹਨ ਜਿਨ੍ਹਾਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚੇਗਾ। ਮੇਅਰ ਅਮਰਜੀਤ ਸਿੰਘ ਸੋਹੀ ਨੇ ਵਿਧਾਇਕ ਰਾਏ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।
