ਗੁਰਦਾਸਪੁਰ, 28 ਫਰਵਰੀ (ਰਾਜੇਸ਼ ਜੈਨ): ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਇਹ ਹੁਕਮ ਮਿਤੀ 28 ਫਰਵਰੀ 2023 ਤੋਂ ਮਿਤੀ 28 ਅਪ੍ਰੈਲ 2023 ਤੱਕ ਲਾਗੂ ਰਹੇਗਾ।