” ਸਰਕਾਰੀ ਸਕੂਲਾਂ ਅਤੇ ਏਅਰਪੋਰਟ ਰੋਡ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ”
ਅੰਮ੍ਰਿਤਸਰ 1 ਮਾਰਚ (ਵਿਕਾਸ ਮਠਾੜੂ – ਅਸ਼ਵਨੀ): ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਖ ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਵੀ ਭੇਜਿਆ ਗਿਆ ਸੀ ਤਾਂ ਜੋ ਉਸ ਤਰ੍ਹਾਂ ਦਾ ਮਾਹੌਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਣਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਢੰਗਾਂ ਨਾਲ ਸਿਖਿਆ ਪ੍ਰਦਾਨ ਕਰਵਾਈ ਜਾ ਸਕੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹ, ਸਰਕਾਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਅਤੇ ਏਅਰਪੋਰਟ ਰੋਡ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਅਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ , ਪਰ ਸਾਡੀ ਸਰਕਾਰ ਸੱਚਮੁਚ ਵਿੱਚ ਹੀ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ। ਉਨਾਂ ਕਿਹਾ ਕਿ ਇਸ ਕੰਮ ਲਈ ਸਾਡੀ ਸਰਕਾਰ ਵੱਲੋਂ ਸੂਬੇ ਵਿੱਚ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿਥੇ ਲੋਕਾਂ ਦੇ ਮੁਫ਼ਤ ਟੈਸਟ ਕਰਨ ਦੇ ਨਾਲ ਨਾਲ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਐਸ:ਈ ਇੰਦਰਜੀਤ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਕਸੀਅਨ ਦਿਆਲ ਸ਼ਰਮਾ, ਸੀਨੀਅਰ ਆਰਕੀਟੈਕਟ ਸ੍ਰੀ ਤਰੁਣ ਗਰਗ, ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਪਿੰਸੀਪਲ ਸ: ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਉਨ ਹਾਲ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।