ਜਗਰਾਉਂ, 2 ਫਰਵਰੀ ( ਰੋਹਿਤ ਗੋਇਲ )-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ ਕਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਗਰਾਉਂ ਬਲਾਕ ਪ੍ਰਧਾਨ ਹਰਦੇਵ ਸਿੰਘ ਅਖਾੜਾ, ਰਾਏਕੋਟ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੱਕ ਭਾਈਕੇ, ਸਕੱਤਰ ਹਰਨੇਕ ਸਿੰਘ ਅਤੇ ਬੂਟਾ ਸਿੰਘ ਅਤੇ ਹੋਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ 20 ਮਾਰਚ ਨੂੰ ਦਿੱਲੀ ਕਿਸਾਨ ਮਹਾਂਪੰਚਾਇਤ ਸਮੇਤ ਸਾਰੇ ਪ੍ਰੋਗਰਾਮ ਲਾਗੂ ਕੀਤੇ ਜਾਣਗੇ। ਇਸ ਮੌਕੇ ਸੀਬੀਆਈ ਵੱਲੋਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਕੀਤੀ ਜਾ ਰਹੀ ਕਾਰਵਾਈ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਇਸ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਉਣ ਲਈ ਸਾਰਿਆਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ, ਤਾਂ ਹੀ ਲੋਕਾਂ ਦਾ ਸਹਿਯੋਗ ਮੁੜ ਹਾਸਲ ਕੀਤਾ ਜਾ ਸਕਦਾ ਹੈ ਅਤੇ ਇਕ ਇਕ ਪੈਸੇ ਦਾ ਹਿਸਾਬ ਲੋਕਾਂ ਨੂੰ ਹਰ ਛਿਮਾਹੀ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੋਸ਼ਲ ਮੀਡੀਆ ’ਤੇ ਜੋ ਚਰਚਾ ਚੱਲ ਰਹੀ ਹੈ, ਉਹ ਕਿਸਾਨ ਲਹਿਰ ਅਤੇ ਲੋਕ ਲਹਿਰ ਲਈ ਵੀ ਘਾਤਕ ਹੈ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਪਾਰਟੀਆਂ ਦੀ ਭੂਮਿਕਾ ਸਿਰਫ਼ ਜਥੇਬੰਦੀਆਂ ਹੀ ਨਿਭਾਅ ਸਕਦੀਆਂ ਹਨ। ਇਸ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ।
