ਫ਼ਤਹਿਗੜ੍ਹ ਸਾਹਿਬ, 2 ਮਾਰਚ ( ਮੋਹਿਤ ਜੈਨ)-ਸਰਕਾਰ ਵੱਲੋਂ ਵੱਖ-ਵੱਖ ਤਰਜ਼ੀਹੀ ਖੇਤਰਾਂ ਵਿੱਚ ਦਿੰਦੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਵਿੱਚ ਸਮੂਹ ਬੈਂਕ ਤੇਜੀ ਲਿਆਉਣ ਤਾਂ ਜੋ ਇਨ੍ਹਾਂ ਖੇਤਰਾਂ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ ਜਾ ਸਕੇ। ਇਹ ਹਦਾਇਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬੈਂਕ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਉਠਾਉਣ ਲਈ ਸਰਕਾਰ ਵੱਲੋਂ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ।ਜ਼ਿਲ੍ਹੇ ਦੇ ਕਈ ਬੈਂਕਾਂ ਦੀ ਹੋਰ ਤਰਜ਼ੀਹੀ ਖੇਤਰਾਂ ਵਿੱਚ ਮਾੜੀ ਕਾਰਗੁਜ਼ਾਰੀ ਦਾ ਗੰਭੀਰ ਨੋਟਿਸ ਲੈਂਦਿਆਂ ਏ.ਡੀ.ਸੀ. ਨੇ ਕਿਹਾ ਕਿ ਸਰਕਾਰ ਇਨ੍ਹਾਂ ਖੇਤਰਾਂ ਨੂੰ ਉੱਚਾ ਚੁੱਕਣਾ ਚਾਹੁੰਦੀ ਹੈ ਪ੍ਰੰਤੂ ਬੈਂਕਾਂ ਦੀ ਇਹ ਕਾਰਗੁਜ਼ਾਰੀ ਵੇਖ ਕੇ ਲੱਗਦਾ ਹੈ ਕਿ ਬੈਂਕ ਇਨ੍ਹਾਂ ਖੇਤਰਾਂ ਨੂੰ ਜਿਆਦਾ ਮਹੱਤਵ ਨਹੀਂ ਦਿੰਦੇ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਇਹ ਉਹ ਲੋਕ ਹਨ ਜੋ ਕਿ ਹਰੇਕ ਪੱਖੋਂ ਇਨ੍ਹਾਂ ਕਰਜ਼ਿਆਂ ਦੇ ਹੱਕਦਾਰ ਹਨ ਕਿਉਂਕਿ ਇਹ ਆਪਣੇ ਕੇਸਾਂ ਵਿੱਚ ਕਿਸੇ ਕਿਸਮ ਦੀ ਕੋਈ ਖੜੋਤ ਨਹੀਂ ਆਉਣ ਦਿੰਦੇ ਇਸ ਲਈ ਬੈਂਕ ਅਧਿਕਾਰੀ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ। ਵਸ਼ਿਸ਼ਟ ਨੇ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਵਾਲੇ ਕਿਸਾਨਾਂ ਨੂੰ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ ਤਾਂ ਜੋ ਕਿਸਾਨ ਆਪਣੀ ਆਰਥਿਕਤਾ ਨੂੰ ਮਜਬੂਤ ਕਰ ਸਕਣ ਅਤੇ ਸਹਾਇਕ ਧੰਦਿਆਂ ਨਾਲ ਜੁੜ ਕੇ ਪੰਜਾਬ ਨੂੰ ਖੁਸ਼ਹਾਲ ਬਣਾ ਸਕਣ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬੈਂਕਾਂ ਵਿੱਚ ਆਉਣ ਵਾਲੇ ਸੀਨੀਅਰ ਸਿਟੀਜ਼ਨਾਂ ਨਾਲ ਦੋਸਤਾਨਾਂ ਵਿਵਹਾਰ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਅਜੌਕੇ ਹਾਲਾਤ ਨੂੰ ਮੁੱਖ ਰੱਖਦੇ ਹੋਏ ਆਪਣੇ ਬੈਂਕਾਂ ਵਿੱਚ ਸੁਰੱਖਿਆ ਗਾਰਡ ਜਰੂਰ ਨਿਯੁਕਤ ਕੀਤੇ ਜਾਣ ਅਤੇ ਬੈਂਕਾਂ ਵਿੱਚ ਲੱਗੇ ਸੁਰੱਖਿਆ ਉਪਕਰਣਾਂ ਨੂੰ ਚਾਲੂ ਹਾਲਤ ਵਿੱਚ ਰੱਖਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਨਾ ਹੋ ਸਕੇ। ਉਨ੍ਹਾਂ ਹੋਰ ਕਿਹਾ ਕਿ ਬੈਂਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਆਨ ਲਾਇਨ ਠੱਗੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਵਿੱਤੀ ਸ਼ਾਖਰਤਾ ਬਾਰੇ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਆਮ ਲੋਕ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਦੱਸੀਆਂ ਸਾਵਧਾਨੀਆਂ ਤੇ ਚੱਲਦੇ ਹੋਏ ਆਨ ਲਾਇਨ ਧੋਖਿਆਂ ਤੋਂ ਬਚੇ ਰਹਿਣ।ਇਸ ਮੌਕੇ ਰਿਜ਼ਰਵ ਬੈਂਕ ਆਫ ਇੰਡੀਆ ਦੀ ਏ.ਜੀ.ਐਮ. ਸ਼੍ਰੀਮਤੀ ਅਨਿਤਾ ਸ਼ਰਮਾ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ, ਆਰਸੇਟੀ ਦੇ ਸਟੇਟ ਡਾਇਰੈਕਟਰ ਅਮਰਜੀਤ ਸਿੰਘ, ਨਾਬਾਰਡ ਦੇ ਏ.ਜੀ.ਐਮ ਦਵਿੰਦਰ ਕੁਮਾਰ, ਆਰਸੇਟੀ ਦੇ ਡਾਇਰੈਕਟਰ ਰਾਮ ਲਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸਰਹਿੰਦ ਗੁਰਬਖਸ਼ੀਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਬੈਂਕਾਂ ਦੇ ਮੈਨੇਜਰ ਤੇ ਹੋਰ ਸਟਾਫ ਹਾਜਰ ਸਨ।