ਫ਼ਤਹਿਗੜ੍ਹ ਸਾਹਿਬ, 3 ਮਾਰਚ ( ਬੌਬੀ ਸਹਿਜਲ, ਧਰਮਿੰਦਰ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੇਰੋਜ਼ਗਾਰੀ ਦੀ ਸਮੱਸਿਆ ਦਾ ਖਾਤਮਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ ਨੇ ਬਿਊਰੋ ਦੇ ਕੰਮਕਾਜ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 28 ਫਰਵਰੀ ਨੂੰ ਬੱਚਤ ਭਵਨ ਵਿਖੇ ਅਤੇ 01 ਮਾਰਚ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੋਜ਼ਗਾਰ ਮਾਰਗ ਦਰਸ਼ਨ ਲਈ ਸੈਮੀਨਾਰ ਕਰਵਾਏ ਗਏ ਸਨ ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਵਾਸਤੇ ਮੁਕੰਮਲ ਜਾਣਕਾਰੀ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਬੱਚਤ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿੱਚ ਜੀ.ਆਰ.ਡੀ. ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਸ਼੍ਰੀ ਹਰਪ੍ਰੀਤ ਸਿੰਘ ਵੱਲੋਂ ਪ੍ਰਾਰਥੀਆਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਾਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਉਨ੍ਹਾਂ ਹੋਰ ਦੱਸਿਅ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਵਿੱਚ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਇੰਸਟੀਚਿਊਟ ਆਫ ਪ੍ਰੋਫੈਸ਼ਨਲ ਬੈਕਿੰਗ ਦੇ ਫਾਊਂਡਰ ਅਤੇ ਚੇਅਰਮੇਨ ਸ਼੍ਰੀ ਗੁਰਸਿਮਰਨ ਸਿੰਘ ਓਬਰਾਏ ਨੇ ਪ੍ਰਾਰਥੀਆਂ ਨਾਲ ਇੰਟਰਵਿਊ ਦੀ ਤਿਆਰੀ ਸਬੰਧੀ ਨੁਕਤੇ ਸਾਂਝੇ ਕੀਤੇ।ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਸੈਣੀ ਨੇ ਸਵੈ ਰੋਜ਼ਗਾਰ ਲਈ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਡਾ: ਜਤਿੰਦਰਪਾਲ ਸਿੰਘ ਨੇ ਪ੍ਰਾਰਥੀਆਂ ਨੂੰ ਆਪਣਾ ਨਿਸ਼ਾਨਾ ਮਿੱਥ ਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਹਾਸਲ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਦੋਂ ਕਿ ਵਾਇਸ ਚਾਂਸਲਰ ਪ੍ਰੋ: ਪ੍ਰਿਤਪਾਲ ਸਿੰਘ ਨੇ ਪ੍ਰਾਰਥੀਆਂ ਨੂੰ ਅਨੁਸ਼ਾਸ਼ਨ ਦੀ ਮਹੱਤਤਾ ਬਾਰੇ ਦੱਸਿਆ। ਇਨ੍ਹਾਂ ਸੈਮੀਨਾਰਾਂ ਵਿੱਚ ਜ਼ਿਲ੍ਹਾ ਰੋਜ਼ਗਾਰ ਅਫਸਰ ਰੁਪਿੰਦਰ ਕੌਰ ਨੇ ਬਿਊਰੋ ਦੀਆਂ ਗਤੀਵਿਧੀਆਂ ਤੇ ਚਾਨਣਾਂ ਪਾਇਆ। ਇਨ੍ਹਾਂ ਵਿੱਚ ਵੱਡੀ ਗਿਣਤੀ ਬੇਰੋਜ਼ਗਾਰ ਨੌਜਵਾਨਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।