ਮੋਗਾ (ਬੋਬੀ ਸਹਿਜਲ) ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਵਿਕਾਸ ਕਰਵਾਉਣ ਦੀ ਬਜਾਏ ਪੰਜਾਬ ਦਾ ਵਿਨਾਸ਼ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਕਾਲਜ ਆਊਟਰੀਚ ਦੇ ਪੰਜਾਬ ਪ੍ਰਧਾਨ ਹਰਮਨਦੀਪ ਸਿੰਘ ਮੀਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਨਿਟ ਵੱਲੋਂ ਸਿਰਫ ਬਿਆਨਬਾਜ਼ੀ ਰਾਹੀਂ ਸਮਾਂ ਲੰਘਾਇਆ ਜਾ ਰਿਹਾ ਹੈ, ਜਦੋਂ ਕਿ ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ‘ਆਪ’ ਦੀ ਸਰਕਾਰ ਹਰ ਪੱਖ ਤੋਂ ਫੇਲ ਸਾਬਤ ਹੋ ਚੁੱਕੀ ਹੈ ਅਜੇ ਤਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਫਲੈਕਸ ਬੋਰਡ ਲਗਾ ਕੇ ਵਿਕਾਸ ਦੇ ਜਿਹੜੇ ਦਾਅਵੇ ਕੀਤੇ ਜਾ ਰਹੇ ਹਨ ਉਨ੍ਹਾਂ ਵਿਚ ਸੱਚਾਈ ਕਿਧਰੇ ਵੀ ਨੀ ਲਗਦੀ। ਉਨ੍ਹਾਂ ਇਸ ਮੌਕੇ ਕਿਹਾ ਕਿ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਤਬਾਹ ਕਰਨ ਦੀ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸੇ ਸਾਜ਼ਿਸ਼ ਤਹਿਤ ਕਾਨੂੰਨ ਵਿਵਸਥਾ ਵਿਚ ਵਿਘਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਪਲਾਈ ਵਧਾ ਕੇ ਇਸ ਸਾਜ਼ਿਸ਼ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਨਾ ਰਹਿਣ ਕਾਰਨ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਦੇਸ਼ ਹਿੱਤ ‘ਚ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।
