ਮੋਗਾ, 28 ਮਾਰਚ ( ਅਸ਼ਵਨੀ) -ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਜਨਤਕ ਮਿਲਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਜਨਤਕ ਮਿਲਣੀਆਂ ਵਿੱਚ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਖੁਦ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹੋ ਰਹੇ ਹਨ ਅਤੇ ਤੁਰੰਤ ਪ੍ਰਭਾਵ ਨਾਲ ਢੁਕਵੀਆਂ ਵਿਭਾਗੀ ਕਾਰਵਾਈਆਂ ਵੀ ਕਰਵਾ ਰਹੇ ਹਨ। ਇਨ੍ਹਾਂ ਜਨਤਕ ਮਿਲਣੀਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਇਲਾਵਾ ਵਿਕਾਸ ਕਾਰਜਾਂ ਸਬੰਧੀ ਦਰਖਾਸਤਾਂ ਵੀ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਅੱਜ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਮੌਜੂਦਗੀ ਵਿੱਚ ਪਿੰਡ ਡਰੋਲੀ ਭਾਈ ਵਿਖੇ ਜ਼ਿਲ੍ਹਾ ਪੱਧਰੀ ਜਨਤਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਹ ਜਨਤਕ ਮਿਲਣੀ ਗੁਰਦੁਆਰਾ ਜਨਮ ਅਸਥਾਨ ਬਾਬਾ ਗੁਰਦਿੱਤਾ ਜੀ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕਰਵਾਈ ਗਈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੇ ਮਨੋਰਥ ਵਜੋਂ ਹਾਜ਼ਰ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਨਤਕ ਮਿਲਣੀ ਵਿੱਚ 100 ਤੋਂ ਵਧੇਰੇ ਵਿਅਕਤੀਆਂ ਨੇ ਸ਼ਮੂਲੀਅਤ ਕਰਕੇ ਆਪਣੀਆਂ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸ਼ਨ ਸਾਹਮਣੇ ਰੱਖੀਆਂ, ਜਿਹਨਾਂ ਵਿਚੋਂ ਬਹੁਤੀਆਂ ਸ਼ਿਕਾਇਤਾਂ ਦਾ ਢੁਕਵਾਂ ਨਿਪਟਾਰਾ ਮੌਕੇ ਉੱਪਰ ਹੀ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਦੇ ਥੋੜੇ ਸਮੇਂ ਵਿੱਚ ਨਿਪਟਾਰੇ ਲਈ ਮੌਕੇ ਉੱਪਰ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਾਰਵਰਡ ਕਰ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਸ਼ਿਕਾਇਤਾਂ ਨੂੰ ਹੱਲ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ। ਮੌਕੇ ਉੱਪਰ ਮੌਜੂਦ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ। ਪਾਰਟੀ ਦੇ ਵਾਅਦੇ ਮੁਤਾਬਿਕ ਹੁਣ ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦੁਆਰ ਉੱਪਰ ਹੀ ਮਿਲਣ ਲੱਗ ਪਈਆਂ ਹਨ। ਪ੍ਰਸ਼ਾਸ਼ਨਿਕ ਅਧਿਕਾਰੀ ਖੁਦ ਲੋਕਾਂ ਦੇ ਦੁਆਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਬੱਧ ਤਰੀਕੇ ਨਾਲ ਨਿਪਟਾਰਾ ਕਰ ਰਹੇ ਹਨ, ਜਿਹੜਾ ਕਿ ਬਹੁਤ ਹੀ ਲੋਕਪੱਖੀ ਅਤੇ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ, ਲੋਕਾਂ ਅਤੇ ਸਰਕਾਰ ਵਿਚਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਨੋਰਥ ਵਜੋਂ ਜਨਤਕ ਮਿਲਣੀਆਂ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਹੋਣ ਵਾਲੀਆਂ ਜਨਤਕ ਮਿਲਣੀਆਂ ਵਿੱਚ ਵਿਅਕਤੀ ਆਪਣੀ ਸ਼ਿਕਾਇਤ/ਦਰਖਾਸਤ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਨੂੰ ਪਹਿਲ ਦਿੱਤੀ ਜਾਵੇ।
