ਬਟਾਲਾ, 29 ਮਾਰਚ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕੀਤਾ। ਉਨਾਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਆਪ ਪਾਰਟੀ ਦੇ ਵਰਕਰ ਤੇ ਆਗੂ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰੋਜਾਨਾਂ ਦੀ ਤਰ੍ਹਾਂ ਉਨਾਂ ਆਪਣੇ ਗ੍ਰਹਿ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਹੱਲ ਸਬੰਧਤ ਅਧਿਕਾਰੀਆਂ ਤੋਂ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇੱਕੋ ਕਹਿਣਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ ਤੇ ਸਰਕਾਰ ਲੋਕਾਂ ਵਿੱਚ ਰਹਿ ਕੇ ਕੰਮ ਕਰੇ, ਜਿਸ ਤਹਿਤ ਉਨਾਂ ਵਲੋਂ ਲਗਾਤਾਰ ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇੱਕ ਸਾਲ ਅੰਦਰ 27,000 ਨਵੀਆਂ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ। ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ 500 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ 117 ਸਕੂਲ ਆਫ ਐਮੀਨੈਂਸ ਬਣਾਏ। ਲੋਕਾਂ ਨੂੰ ਦਿੱਤੀ ਗਰੰਟੀ ਤਹਿਤ ਕਰੀਬ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲੋਕਹਿੱਤ ਲਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ, ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।