ਲੁਧਿਆਣਾ (ਰਾਜੇਸ ਜੈਨ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਟਿੱਬਾ ਦੇ ਏਐੱਸਆਈ ਬਲਵਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ’ਚ ਗਿ੍ਰਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਰਾਜੂ ਕਾਲੋਨੀ, ਟਿੱਬਾ ਰੋਡ ਨਿਵਾਸੀ ਡਾ. ਅਰੁਣ ਬਹਿਲ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਨਾਲ ਸੰਪਰਕ ਕੀਤਾ ਤੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਉਸ ਵਿਰੁੱਧ ਦਰਜ ਇਕ ਪੁਲਿਸ ਮਾਮਲੇ ’ਚ ਜ਼ਮਾਨਤ ਦਿਵਾਉਣ ’ਚ ਮਦਦ ਕਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਤੇ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਮੌਕੇ ’ਤੇ ਹੀ ਗਿ੍ਰਫ਼ਤਾਰ ਕਰ ਲਿਆ ਹੈ। ਇਸ ਸਬੰਧ ’ਚ ਮੁਲਜ਼ਮ ਏਐੱਸਆਈ ਖਿਲਾਫ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ’ਚ ਭ੍ਰਿਸ਼ਟਾਚਾਰ ਨਿਵਾਰਣ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਅਗਲੀ ਜਾਂਚ ਜਾਰੀ ਹੈ।