ਰਾਏਕੋਟ, 4 ਅਪ੍ਰੈਲ ( ਬੌਬੀ ਸਹਿਜਲ, ਅਸ਼ਵਨੀ )-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਥਾਣਾ ਸਿਟੀ ਰਾਏਕੋਟ ਅਤੇ ਥਾਣਾ ਸੁਧਾਰ ਦੀਆਂ ਪੁਲਿਸ ਪਾਰਟੀਆਂ ਨੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਪਾਸੋਂ 1290 ਨਸ਼ੀਲੀਆਂ ਗੋਲੀਆਂ ਅਤੇ 1 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸੁਧਾਰ ਤੋਂ ਸਬ ਇੰਸਪੈਕਟਰ ਪਿਆਰਾ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਬੱਸ ਸਟੈਂਡ ਹਲਵਾਰਾ ਵਿਖੇ ਚੈਕਿੰਗ ਦੌਰਾਨ ਮੌਜੂਦ ਸਨ। ਉਥੇ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਉਰਫ ਸੁੰਦਰੀ ਵਾਸੀ ਪਿੰਡ ਲੀਲ ਥਾਣਾ ਸੁਧਾਰ, ਜੋ ਕਿ ਅੱਜ ਪੱਖੋਵਾਲ ਤੋਂ ਹਲਵਾਰਾ ਸਾਈਡ ਵੱਲ ਆ ਰਿਹਾ ਹੈ, ਪਾਬੰਦੀਸ਼ੁਦਾ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਇਸ ਸੂਚਨਾ ’ਤੇ ਮੇਨ ਕੈਲੇ ਚੌਕ ’ਤੇ ਨਾਕਾਬੰਦੀ ਕਰ ਕੇ ਸੁਖਵਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 980 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਸਿਟੀ ਰਾਏਕੋਟ ਤੋਂ ਸਬ-ਇੰਸਪੈਕਟਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਬੱਸ ਸਟੈਂਡ ਰਾਏਕੋਟ ਵਿਖੇ ਚੈਕਿੰਗ ਲਈ ਮੌਜੂਦ ਸੀ। ਉਥੇ ਇਤਲਾਹ ਮਿਲੀ ਕਿ ਸਤਨਾਮ ਸਿੰਘ ਉਰਫ ਸੱਤਾ ਵਾਸੀ ਮੁਹੱਲਾ ਗੁਰੂ ਨਾਨਕ ਪੁਰਾ ਰਾਏਕੋਟ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਜੋ ਆਪਣੇ ਗੁਰੂ ਨਾਨਕਪੁਰਾ ਮੁਹੱਲੇ ਤੋਂ ਬਰਨਾਲਾ ਰੋਡ ਨੂੰ ਜਾਂਦੀ ਸੜਕ ’ਤੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਲੈ ਕੇ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ਸੂਚਨਾ ’ਤੇ ਛਾਪਾ ਮਾਰ ਕੇ ਸਤਨਾਮ ਸਿੰਘ ਨੂੰ 310 ਨਸ਼ੀਲੀਆਂ ਗੋਲੀਆਂ ਅਤੇ 1 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।