ਚੰਡੀਗੜ੍ਹ 4 ਅਪ੍ਰੈਲ,(ਰੋਹਿਤ ਗੋਇਲ – ਮੋਹਿਤ ਜੈਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੱਬੇ ਕਰੋੜ ਦੀ ਪਹਿਲੀ ਤਿਮਾਹੀ ਗਰਾਂਟ ਦਾ ਪੱਤਰ ਜਾਰੀ ਹੋਣ ਉੱਤੇ ਪੰਜਾਬੀ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਯੂਨੀਵਰਸਿਟੀ ਦੀ ਲੋੜ ਮੁਤਾਬਕ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਸੀ। ਵਿੱਤ ਵਿਭਾਗ ਨੇ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਨੱਬੇ ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ। ਤੀਹ ਕਰੋੜ ਰੁਪਏ ਦੀ ਮਹੀਨਾਵਾਰ ਗਰਾਂਟ ਨਾਲ ਯੂਨੀਵਰਸਿਟੀ ਵਿੱਚ ਤਨਖ਼ਾਹਾਂ ਦੇਣਾ ਸੁਖਾਲ਼ਾ ਹੋ ਜਾਵੇਗਾ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟੈਲੀਵਿਜ਼ਨ ਦੀ ਇੰਟਰਵਿਊ ਵਿੱਚ ਕਿਹਾ ਸੀ ਕਿ ਇਸ ਅਹਿਮ ਅਦਾਰੇ ਨੂੰ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਿਆਨ ਦਿੱਤਾ ਸੀ ਕਿ ਯੂਨੀਵਰਸਿਟੀ ਦੀ ਮੰਗ ਮੁਤਾਬਕ ਗਰਾਂਟ ਦਿੱਤੀ ਜਾਵੇਗੀ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੇ ਨੱਬੇ ਕਰੋੜ ਦੀ ਗਰਾਂਟ ਦਾ ਪੱਤਰ ਜਾਰੀ ਕਰ ਦਿੱਤਾ ਹੈ। ਤੀਹ ਕਰੋੜ ਰੁਪਏ ਪ੍ਰਤੀ ਮਹੀਨਾ ਦੀ ਇਸ ਗਰਾਂਟ ਨਾਲ ਪੰਜਾਬੀ ਯੂਨੀਵਰਸਿਟੀ ਦੀ ਮੁੜ-ਬਹਾਲੀ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਇਹ ਅਦਾਰਾ ਆਪਣੇ ਮਨੋਰਥ ਦੀ ਪੂਰਤੀ ਲਈ ਸਰਗਰਮ ਹੋ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਲਵੇ ਦੇ ਪੇਂਡੂ ਅਤੇ ਗ਼ਰੀਬ ਤਬਕੇ ਦੇ ਨਾਲ-ਨਾਲ ਕੁੜੀਆਂ ਨੂੰ ਉੱਚ ਸਿੱਖਿਆ ਦੇਣ ਵਾਲੇ ਅਦਾਰੇ ਦੀ ਔਖੇ ਵੇਲੇ ਬਾਂਹ ਫੜੀ ਹੈ ਜਿਸ ਲਈ ਮੈਂ ਸਮੂਹ ਵਿਦਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ, “ਮੈਂ ਆਸ ਕਰਦਾ ਹਾਂ ਕਿ ਇਸੇ ਤਰ੍ਹਾਂ ਸਰਕਾਰ ਸਮੇਂ ਸਿਰ ਗਰਾਂਟ ਜਾਰੀ ਕਰਦੀ ਰਹੇਗੀ ਅਤੇ ਯੂਨੀਵਰਸਿਟੀ ਦੀ ਸਮੂਹ ਬਰਾਦਰੀ ਵੱਲੋਂ ਵਾਅਦਾ ਕਰਦਾ ਹਾਂ ਕਿ ਅਸੀਂ ਅਦਾਰੇ ਤੋਂ ਲਗਾਈਆਂ ਜਾਂਦੀਆਂ ਪੰਜਾਬ ਦੇ ਲੋਕਾਂ ਦੀਆਂ ਆਸਾਂ ਉੱਤੇ ਖਰੇ ਉਤਰਾਂਗੇ।” ਉਨ੍ਹਾਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਉਚੇਚਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਅਦਾਰੇ ਨਾਲ ਕੀਤਾ ਵਾਅਦਾ ਨਿਭਾਇਆ ਹੈ ਅਤੇ ਅਸੀਂ ਆਪਣੇ ਇਨ੍ਹਾਂ ਪੁਰਾਣੇ ਵਿਦਿਆਰਥੀਆਂ ਉੱਤੇ ਮਾਣ ਕਰਦੇ ਹੋਏ ਧੰਨਵਾਦ ਕਰਦੇ ਹਾਂ।ਪ੍ਰੈੱਸ ਨਾਲ ਗੱਲ ਕਰਦਿਆਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਾਫ਼ ਕੀਤਾ ਕਿ ਯੂਨੀਵਰਸਿਟੀ ਦੇ ਕੰਮ ਸੱਭਿਆਚਾਰ ਨੂੰ ਬਿਹਤਰ ਬਣਾਉਣ ਲਈ ਹਰ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਫ਼ੈਸਲਾਕੁੰਨ ਮੁਕਾਮ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਦਾਰੇ ਵਿੱਚ ਪਾਰਦਰਸ਼ੀ ਮਾਹੌਲ ਪੈਦਾ ਹੋ ਸਕੇ। ਜ਼ਿਕਰਯੋਗ ਹੈ ਕਿ ਪ੍ਰੋ. ਅਰਵਿੰਦ ਦੇ ਯੂਨੀਵਰਸਿਟੀ ਵਿੱਚ ਆਉਣ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੀਆਂ ਜੜ੍ਹਾਂ ਕਈ ਸਾਲਾਂ ਤੋਂ ਲੱਗੀਆਂ ਹੋਈਆਂ ਸਨ। ਇਸ ਮਾਮਲੇ ਵਿੱਚ ਲੱਖਾਂ ਦੇ ਘਪਲੇ ਤੋਂ ਸ਼ੁਰੂ ਹੋਈ ਜਾਂਚ ਤਕਰੀਬਨ 14 ਕਰੋੜ ਤੱਕ ਪਹੁੰਚ ਚੁੱਕੀ ਹੈ। ਕਈ ਮੁਲਜ਼ਮ ਮੁਲਾਜ਼ਮਾਂ ਨੂੰ ਮੁਅਤੱਲ ਜਾਂ ਬਰਖਾਸਤ ਕੀਤਾ ਜਾ ਚੁੱਕਿਆ ਹੈ। ਇਸ ਜਾਂਚ ਦਾ ਕੰਮ ਹਾਈ ਕੋਰਟ ਦੇ ਸਾਬਕਾ ਜੱਜ ਜ਼ੋਰਾ ਸਿੰਘ ਦੀ ਅਗਵਾਈ ਵਿੱਚ ਜਾਰੀ ਹੈ। ਪ੍ਰੋ. ਅਰਵਿੰਦ ਨੇ ਕਿਹਾ ਕਿ ਬੇਨੇਮੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਾਅਦਾ ਕੀਤਾ ਕਿ ਸ਼ੁਰੂਆਤੀ ਦੌਰ ਦੀਆਂ ਬੁਲੰਦੀਆਂ ਤੱਕ ਮੁੜ ਪਹੁੰਚਣ ਅਤੇ ਸਮੇਂ ਦੇ ਹਾਣ ਦੀ ਹੋਣ ਲਈ ਮਿਆਰੀ ਖੋਜ ਅਤੇ ਅਧਿਆਪਨ ਕਾਰਜ ਨੂੰ ਬਣਦੀ ਹੱਲਾਸ਼ੇਰੀ ਦਿੱਤੀ ਜਾਵੇਗੀ।