ਫਾਜਿ਼ਲਕਾ, 4 ਅਪ੍ਰੈਲ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਕੁਝ ਇਲਾਕਿਆਂ ਵਿਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੌਰਾ ਕੀਤਾ।ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤਾਂ ਵਿਚ ਜਾ ਕੇ ਕਿਸਾਨਾਂ ਦੀਆਂ ਮੀਂਹ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਵੇਖੀਆਂ ਅਤੇ ਮੌਕੇ ਪਰ ਹੀ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਕਾਰਜ ਜਲਦ ਤੋਂ ਜਲਦ ਨੇਪਰੇ ਚਾੜਨ ਦੇ ਹੁਕਮ ਦਿੱਤੇ।ਉਨ੍ਹਾਂ ਨੇ ਪਿੰਡ ਜ਼ੋਧਪੁਰ ਅਤੇ ਮਲੂਕਪੁਰਾ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਮੁਆਵਜਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕੀਤਾ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਤੱਕ ਮੁਆਵਜਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਾਰਜ ਜਲਦ ਤੋਂ ਜਲਦ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਸਾਂਝੀਆਂ ਥਾਂਵਾਂ ਤੇ ਚਸਪਾ ਕੀਤੀਆਂ ਜਾਣਗੀਆਂ ਤਾਂ ਜ਼ੋ ਸਾਰੇ ਪਿੰਡ ਦੇ ਲੋਕ ਇੰਨ੍ਹਾਂ ਨੂੰ ਵੇਖ ਸਕਨ ਅਤੇ ਜ਼ੇਕਰ ਕਿਸੇ ਪ੍ਰਭਾਵਿਤ ਕਿਸਾਨ ਦਾ ਨਾਂਅ ਸੂਚੀ ਵਿਚ ਸ਼ਾਮਿਲ ਹੋਣ ਤੋਂ ਰਹਿ ਗਿਆ ਹੋਵੇ ਤਾਂ ਉਹ ਆਪਣਾ ਨਾਂਅ ਸ਼ਾਮਿਲ ਕਰਵਾ ਸਕੇ। ਉਨ੍ਹਾਂ ਨੇ ਕਿਹਾ ਕਿ ਸਪੈਸ਼ਲ ਗਿਰਦਾਵਰੀ ਕਿਸਾਨਾਂ ਦੀ ਹਾਜਰੀ ਵਿਚ ਪੂਰੇ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ ਅਤੇ ਸਾਰੇ ਪਿੰਡਾਂ ਵਿਚ ਟੀਮਾਂ ਗਿਰਦਾਵਰੀ ਕਰ ਰਹੀਆਂ ਹਨ।ਇਸ ਮੌਕੇ ਐਸਡੀਐਮ ਅਕਾਸ਼ ਬਾਂਸਲ,ਤਹਿਸੀਲਦਾਰ ਮਨਿੰਦਰਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਖ ਵੱਖ ਅਧਿਕਾਰੀ ਅਤੇ ਹੋਰ ਪਤਵੰਤੇ ਹਾਜਰ ਸਨ।