ਮਾਲੇਰਕੋਟਲਾ 4 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ)-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਮਾਲੇਰਕੋਟਲਾ ਕਰਨਦੀਪ ਸਿੰਘ ਨੇ ਖ਼ਾਨਪੁਰ (ਮਾਲੇਰਕੋਟਲਾ) ਅਤੇ ਭੁਰਥਲਾ ਮੰਡੇਰ (ਅਮਰਗੜ੍ਹ) ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲਿਆ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਣਕ ਦੇ ਖ਼ਰੀਦ ਸੀਜ਼ਨ ਵਿੱਚ ਮੰਡੀਆਂ ਵਿੱਚੋਂ ਕਣਕ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾ ਹੀ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ 01 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਲੇਕਿਨ ਬੇਮੌਸਮੀ ਬਰਸਾਤ ਅਤੇ ਮੌਸਮ ਦੀ ਖ਼ਰਾਬੀ ਕਾਰਨ ਜਿਨਸ ਦੀ ਆਮਦ ਸ਼ੁਰੂ ਨਹੀਂ ਹੋਈ ਹੈ । ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰਾਬ ਮੌਸਮ ਦੇ ਚਲਦਿਆਂ ਅਨਾਜ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਮੰਡੀ ਬੋਰਡ ਅਤੇ ਏਜੰਸੀਆਂ ਦੇ ਸਟਾਫ਼ ਵਲੋਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਲਈ ਕਣਕ ਦੇ ਸਾਰੇ ਢੇਰਾਂ ਅਤੇ ਫ਼ਸਲ ਦੀਆਂ ਖ਼ਰੀਦੀਆਂ ਹੋਈਆਂ ਬੋਰੀਆਂ ਨੂੰ ਢਕਿਆਂ ਜਾ ਸਕੇ । ਉਨ੍ਹਾਂ ਫ਼ਸਲ ਦੀ ਅਦਾਇਗੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਈਟਾਂ ਆਦਿ ਦੇ ਸੁਚੱਜੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਜਿਨਸ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।ਇਸ ਉਪਰੰਤ ਉਨ੍ਹਾਂ ਕਾਮਨ ਸਰਵਿਸ ਸੈਂਟਰ ਭੁਰਥਲਾ ਮੰਡੇਰ (ਅਮਰਗੜ੍ਹ) ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ ਅਤੇ ਆਮ ਲੋਕਾਂ ਦੀਆਂ ਨਿੱਜੀ ਅਤੇ ਸਾਂਝੀਆਂ ਮੁਸ਼ਕਲਾਂ ਵੀ ਸੁਣੀਆਂ ।