ਨਵੀਂ ਦਿੱਲੀ, 24 ਮਾਰਚ, ( ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਆਪਣੀ ਪਹਿਲੀ ਮੀਟਿੰਗ ਵਿਚ ਪੰਜਾਬ ਲਈ 1 ਲੱਖ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੇ ਲਗਾਤਾਰ ਦੋ ਸਾਲਾਂ ਲਈ ਵਿੱਤੀ ਪੈਕੇਜ ਮੰਗਿਆ ਹੈ ਤੇ ਹਰ ਸਾਲ 50 ਹਜ਼ਾਰ ਕਰੋੜ ਰੁਪਏ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦੁਆਇਆ ਹੈ ਕਿ ਉਹ ਇਹ ਮਾਮਲਾ ਵਿੱਤ ਮੰਤਰੀ ਨਾਲ ਵਿਚਾਰਨਗੇ ਤੇ ਫਿਰ ਫ਼ੈਸਲਾ ਲੈਣਗੇ। ਉਹਨਾਂ ਇਹ ਵੀ ਦੱਸਿਆ ਕਿ ਉਹਨਾਂ ਨੇ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਤੋਂ ਸਹਿਯੋਗ ਮੰਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਖ਼ੁਸ਼ਹਾਲ ਹੋਵੇਗਾ ਤਾਂ ਸਮੁੱਚਾ ਦੇਸ਼ ਖੁਸ਼ਹਾਲ ਹੋਵੇਗਾ।
