ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ ( ਰਾਜਨ ਜੈਨ, ਅਸ਼ਵਨੀ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਸਵੈ ਰੋਜ਼ਗਾਰ ਲਈ ਉਤਸਾਹਤ ਕਰਨ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੇਰੋਜ਼ਗਾਰ ਨੌਜਵਾਨ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕਰਨ ਵਾਸਤੇ 18 ਅਪ੍ਰੈਲ ਨੂੰ ਸੰਘੋਲ ਦੇ ਕੋਰਡੀਆ ਕਾਲਜ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸਵੈ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਵੱਲੋਂ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਪੰਜਾਬ ਸਰਕਾਰ ਦੇ ਸਵੈ ਰੋਜ਼ਗਾਰ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮੌਕੇ ਤੇ ਹੀ ਸਵੈ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਦੇ ਫਾਰਮ ਵੀ ਭਰਨਗੇ। ਇਸ ਕੈਂਪ ਵਿੱਚ ਡੇਅਰੀ ਵਿਕਾਸ ਬੋਰਡ, ਮੱਛੀ ਪਾਲਣ, ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਆਦਿ ਸ਼ਾਮਲ ਹੋਣਗੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਇਸ ਕੈਂਪ ਵਿੱਚ ਜਰੂਰ ਸ਼ਾਮਲ ਹੋਣ।ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਕੈਂਪ ਵਿੱਚ ਜਿਹੜੇ ਨੌਜਵਾਨਾਂ ਦਾ ਨਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ਼ ਨਹੀਂ ਹੈ ਉਹ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ ਕਾਪੀਆਂ ਵੀ ਲੈ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ ਤਾਂ ਜੋ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਮਿਲ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 991569-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।