“ਡਾ. ਹਿਮਾਂਸ਼ੂ ਅਗਵਰਾਲ ਡਿਪਟੀ ਕਮਿਸ਼ਨਰ ਵਲੋਂ ਪਿੰਡ ਸੇਖਵਾਂ ‘ਚ ਕਿਸਾਨ ਹੱਟ ਦਾ ਉਦਘਾਟਨ”
ਬਟਾਲਾ, 6 ਅਪ੍ਰੈਲ (ਬੋਬੀ ਸਹਿਜਲ – ਧਰਮਿੰਦਰ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਕਾਹਨੂੰਵਾਨ ਦੇ ਪਿੰਡ ਸੇਖਵਾਂ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਂਝੇ ਤੌਰ ‘ਤੇ ਕੀਤਾ। ਜਦੋਂ ਕਿ ਬਟਾਲਾ ਹਲਕੇ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਜਿਲ੍ਹੇ ਭਰ ਤੋਂ ਆਏ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਨੂੰ ਸਫਲ ਬਣਾਉਣ ਲਈ ਵਿਗਿਆਨਿਕ ਖੇਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੀਜਨ ਵਿੱਚ ਖਰਾਬ ਹੋਈ ਕਣਕ ਦਾ ਮੁਆਵਜਾ ਦਵਾਉਣ ਲਈ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਜਿਸ ਤਹਿਤ ਗਿਰਦਾਵਰੀ ਸ਼ੁਰੂ ਕਰਵਾ ਦਿੱਤੀ ਹੈ ਅਤੇ ਬਹੁਤ ਜਲਦੀ ਕਿਸਾਨਾਂ ਨੂੰ ਮੁਆਵਜਾ ਦੇ ਦਿੱਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਇਸ ਤੋਂ ਪਹਿਲਾਂ ਬੋਲਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਵਰਾਲ ਨੇ ਕਿਹਾ ਕਿ ਕਿਸਾਨਾਂ ਨੂੰ ਬਿਨ੍ਹਾਂ ਪੱਖਪਾਤ ਅਤੇ ਬਿਨਾਂ ਦੇਰੀ ਖਰਾਬ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਸੇਖਵਾਂ ‘ਚ ਕਿਸਾਨ ਹੱਟ ਦਾ ਉਦਘਾਟਨ ਵੀ ਕੀਤਾ ਗਿਆ।ਇਸ ਮੌਕੇ ਜੁਆਇੰਟ ਡਾਇਰੈਕਟਰ ਡਾ. ਅਵਤਾਰ ਸਿੰਘ, ਜਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਕਿਰਪਾਲ ਸਿੰਘ ਢਿਲੋਂ ਅਤੇ ਜਿਲ੍ਹਾ ਸਿਖਲਾਈ ਅਫਸਰ ਡਾ. ਅਮਰੀਕ ਸਿੰਘ ਨੇ ਖੇਤੀਬੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਹਰ ਵੇਲੇ ਕਿਸਾਨਾਂ ਦੀ ਸੇਵਾ ਵਿੱਚ ਹਾਜਰ ਹੈ ਅਤੇ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਬਲਾਕ ਦਫਤਰ ਨਾਲ ਤਾਲਮੇਲ ਕਰੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਗਿਆਨਿਕ ਜਾਣਕਾਰੀ ਦੇਣ ਦੇ ਨਾਲ-ਨਾਲ ਸਰਕਾਰ ਦੀ ਯੋਜਨਾਵਾਂ ਕਿਸਾਨਾਂ ਤੱਕ ਪਹੁੰਚਾਣ ਲਈ ਵਿਭਾਗ ਵਲੋਂ ਹਰ ਸੰਭਵ ਕਾਰਜ ਕੀਤੇ ਜਾ ਰਹੇ ਹਨ।ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਵੱਖ-ਵੱਖ ਤਕਨੀਕਾਂ ਦੀ ਵਰਤੋਂ ਕਰਕੇ ਨਾੜ ਨੂੰ ਖੇਤਾਂ ਵਿੱਚ ਹੀ ਨਿਪਟਾਉਣ। ਸਟੇਜ ਸਕੱਤਰ ਦਾ ਫਰਜ ਨਿਭਾਉਂਦਿਆਂ ਡਾ. ਪਰਮਵੀਰ ਸਿੰਘ ਕਾਹਲੋਂ ਨੇ ਆਏ ਹੋਏ ਕਿਸਾਨਾਂ, ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਤਵਿੰਦਰ ਕੌਰ, ਡਾ. ਸਰਬਜੀਤ ਸਿੰਘ ਓਲਖ ਨੇ ਫਸਲਾਂ ਦੀ ਕਾਸ਼ਤ ਸਬੰਧੀ ਕੀੜਿਆਂ ਦੀ ਰੋਕਥਾਮ ਸਬੰਧੀ, ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨ ਗੁਰਵਿੰਦਰ ਸਿੰਘ ਬਾਜਵਾ ਨੇ ਵੀ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਕਿਹਾ ਕਿ ਬੇਲੋਰੀਆਂ ਖਾਂਦਾ-ਦਵਾਈਆਂ ਦੀ ਵਰਤੋਂ ਨਾ ਕਰਨ। ਇਸਦੇ ਨਾਲ ਹੀ ਗੁਰਵਿੰਦਰ ਬਾਜਵਾ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਕੈਂਪ ਵਿੱਚ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕੁਰ, ਡਾ. ਸੰਜੀਵ ਸ਼ਰਮਾ, ਡਾ. ਬਲਜਿੰਦਰ ਸਿੰਘ ਭੁੱਲਰ, ਡਾ. ਦਿਲਬਾਗ ਸਿੰਘ ਭੱਟੀ, ਪੀਡੀ ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ, ਡਿਪਟੀ ਪੀਡੀ ਸੰਦੀਪ ਸਿੰਘ ਆਦਿ ਵੀ ਮੌਜੂਦ ਸਨ।