Home ਖੇਤੀਬਾੜੀ ਡਿਪਟੀ ਕਮਿਸ਼ਨਰ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ...

ਡਿਪਟੀ ਕਮਿਸ਼ਨਰ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ

35
0


ਫਿਰੋਜ਼ਪੁਰ, 7 ਅਪ੍ਰੈਲ (ਵਿਕਾਸ ਮਠਾੜੂ – ਮੋਹਿਤ ਜੈਨ) : ਪਿਛਲੇ ਦਿਨੀਂ ਹੋਈ ਭਾਰੀ ਬਰਸਾਤ , ਗੜੇਮਾਰੀ ਅਤੇ ਹਨੇਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾੳੇੁਣ ਸਪੈਸ਼ਲ ਗਿਰਦਾਵਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਨਾਲ ਐਸ.ਡੀ.ਐਮ. ਗੁਰੂਹਰਸਹਾਏ ਗਗਨਦੀਪ ਸਿੰਘ,ਤਹਿਸੀਲਦਾਰ ਗੁਰੂਹਰਸਹਾਏ ਮਨਜੀਤ ਸਿੰਘ,ਨਾਇਬ ਤਹਿਸੀਲਦਾਰ ਮਮਦੋਟ ਵਿਜੇ ਬਹਿਲ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਖੁਦ ਪਿੰਡਾਂ ਵਿਚ ਜਾ ਕੇ ਫਸਲਾਂ ਦੇ ਹੋਏ ਨੁਕਸਾਨ ਨੂੰ ਦੇਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਰਾਉ ਕੇ ਹਿਠਾੜ, ਚੱਕ ਰਾਉ ਕੇ, ਗੱਟੀ ਮੱਤੜ, ਫਾਰੂ ਵਾਲਾ, ਮਾਦੀ ਕੇ, ਦੋਨਾ ਮੱਤੜ, ਚੱਕ ਕੰਦੇ ਸ਼ਾਹ, ਹਜ਼ਾਰਾ ਸਿੰਘ ਵਾਲਾ, ਲਾਲਚੀਆਂ ਆਦਿ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਿੰਡਾਂ ਦੀ ਵੀ ਛੇਤੀ ਹੀ ਗਿਰਦਾਵਰੀ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਜਲਦ ਤੋਂ ਜਲਦ ਉਨ੍ਹਾਂ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। ਇਸ ਸਬੰਧੀ ਉਨ੍ਹਾਂ ਮੌਕੇ ‘ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਸਲਾਂ ਦੀ ਗਿਰਦਾਵਰੀ ਬਿਲਕੁਲ ਪਾਰਦਰਸ਼ੀ ਢੰਗ ਨਾਲ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਬਣਦਾ ਢੁੱਕਵਾਂ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਖੜ੍ਹੇ ਹਨ ਅਤੇ ਇਸ ਕੁਦਰਤੀ ਆਫ਼ਤ ਨਾਲ ਹੋਏ ਅੰਨਦਾਤਿਆਂ ਦੇ ਹੋਏ ਨੁਕਸਾਨ ਦੀ ਉਚਿੱਤ ਭਰਪਾਈ ਕੀਤੀ ਜਾਵੇਗੀ।ਇਸ ਮੌਕੇ ਕਾਨੂੰਨਗੋ ਹਰਪ੍ਰੀਤ ਸਿੰਘ, ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਮਨਿੰਦਰ ਸਿੰਘ ਤੇ ਅਮਨਦੀਪ ਸਿੰਘ, ਰੀਡਰ ਮਨੋਹਰ ਲਾਲ ਤੋਂ ਇਲਾਵਾ ਪਿੰਡਾਂ ਦੇ ਕਿਸਾਨ, ਪਤਵੰਤੇ ਤੇ ਹੋਰ ਅਧਿਕਾਰੀ ਵੀ ਮੋਜੂਦ ਸਨ।

LEAVE A REPLY

Please enter your comment!
Please enter your name here