ਫ਼ਤਹਿਗੜ੍ਹ ਸਾਹਿਬ 7 ਅਪ੍ਰੈਲ ( ਰਾਜਨ ਜੈਨ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਪਿੰਡ ਨੌਲੱਖਾ ਵਿਖੇ ਮਾਲ ਵਿਭਾਗ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਾਸ਼ੀ ਵਿੱਚ 25 ਫੀਸਦੀ ਦਾ ਵਾਧਾ ਕੀਤਾ ਹੈ ਤਾਂ ਜੋ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਪੈਸ਼ਲ ਗਿਰਦਾਵਰੀ ਦੇ ਕੰਮ ਨੂੰ ਛੇਤੀ ਪੂਰਾ ਕੀਤਾ ਜਾਵੇ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਪ੍ਰਦਰਸ਼ਨ ਫੈਲਦਾ ਹੈ ਉਥੇ ਹੀ ਇਸ ਦਾ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਸ਼ਾਮ 7-00 ਵਜੇ ਤੋਂ ਸਵੇਰੇ 06-00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਉਣ ਕਿਉਂਕਿ ਇਸ ਨਾਲ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਕਿਸਾਨਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲ ਗਿਰਦਾਵਰੀ ਨੂੰ ਛੇਤੀ ਮੁਕੰਮਲ ਕੀਤਾ ਜਾਵੇ ਤਾਂ ਜੋ ਸਰਕਾਰ ਨੂੰ ਰਿਪੋਰਟ ਭੇਜ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।