ਫ਼ਤਹਿਗੜ੍ਹ ਸਾਹਿਬ, 8 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 11 ਅਪ੍ਰੈਲ ਨੂੰ ਭੌਂ-ਪਰਖ ਪ੍ਰਯੋਗਸ਼ਾਲਾ ਨੇੜੇ ਪਟਵਾਰਖਾਨਾਂ ਅੱਤੇਵਾਲੀ ਵਿਖੇ ਸਵੇਰੇ 11:00 ਵਜੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਉਣੀ ਦੀਆਂ ਫਸਲਾਂ ਬਾਰੇ, ਮਿੱਟੀ ਪਾਣੀ ਪਰਖ, ਮੋਟੇ ਅਨਾਜ/ਮੂਲ ਅਨਾਜ ਦੀ ਖੇਤੀ (ਮਿਲਿੱਟਸ), ਪਰਾਲੀ ਪ੍ਰਬੰਧ, ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਖੇਤੀ ਮਾਹਰ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣਗੇ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਆਤਮਾ ਸਕੀਮ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਜ਼ਿਲ੍ਹੇ ਦੇ ਵਿਧਾਇਕ, ਡਿਪਟੀ ਕਮਿਸ਼ਨਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜ) ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਪੁੱਜ ਕੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀ ਮਾਹਰਾਂ ਦੇ ਤਰਜ਼ਰਬਿਆਂ ਤੋਂ ਲਾਹਾ ਲੈਣ।