Home Political ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ...

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਵਾਅਦੇ ਪੂਰੇ ਕਰਨੇ ਸ਼ੁਰੂ ਕੀਤੇ – ਮਨਜੀਤ ਸਿੰਘ ਬਿਲਾਸਪੁਰ

276
0

ਖੇਤੀਬਾੜੀ ਵਿਭਾਗ ਵੱਲੋਂ ‘ਆਪ ਦੀ ਸਰਕਾਰ-ਕਿਸਾਨਾਂ ਦੇ ਦੁਆਰ’ ਸਮਾਗਮ ਦਾ ਆਯੋਜਨ

– ਸਾਰੀਆਂ ਇੱਛਾਵਾਂ ਪੂਰੀਆਂ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ – ਦਵਿੰਦਰਜੀਤ ਸਿੰਘ ਲਾਡੀ ਢੋਸ
– ਕਿਸਾਨਾਂ ਨਾਲ ਜ਼ਮੀਨੀ ਪੱਧਰ ਉੱਤੇ ਜੁੜਨ ਲਈ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ – ਡਿਪਟੀ ਕਮਿਸ਼ਨਰ
ਪਿੰਡ ਖੋਸਾ ਪਾਂਡੋ (ਮੋਗਾ), 23 ਮਾਰਚ (ਕੁਲਵਿੰਦਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਪੰਜਾਬ ਦੀ ਸੁਚੱਜੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ ਆਪ ਦੀ ਸਰਕਾਰ – ਕਿਸਾਨਾਂ ਦੇ ਦੁਆਰ ‘ ਤਹਿਤ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ‘ ਸਰਕਾਰ ਕਿਸਾਨ-ਸਾਇਸਦਾਨ ਮਿਲਣੀ’  ਦਾ ਆਯੋਜਿਨ ਗੁਰਦੁਆਰਾ ਬਾਬਾ ਸ਼ਹੀਦਾਂ, ਖੋਸਾ ਪਾਂਡੋ ਵਿਖੇ ਕੀਤਾ ਗਿਆ ਹੈ। ਜਿਸ ਵਿਚ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਕੀਤੀ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋ ਲੋਕਾਂ ਨਾਲ ਕੀਤਾ ਗਿਆ ਇਕ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ  ਕਿਸਾਨਾਂ ਅਤੇ ਹੋਰ ਵਰਗਾਂ ਨਾਲ ਜੋ ਚੋਣ ਵਾਅਦੇ ਕੀਤੇ ਗਏ ਹਨ ਉਹ ਪੂਰੇ ਕੀਤੇ ਜਾਣਗੇ ਬਲਕਿ ਵਾਅਦੇ ਪਹਿਲੇ ਦਿਨ ਤੋਂ ਹੀ ਪੂਰੇ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਉਹਨਾਂ ਇਸ ਮੌਕੇ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਸਿਰਜਣ ਅਤੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਦਾ ਵਿਸ਼ੇਸ਼ ਤੌਰ ਉੱਤੇ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਅਸੀਂ 20 – 20 ਘੰਟੇ ਕੰਮ ਕਰਨ ਨੂੰ ਤਿਆਰ ਹਾਂ।
ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਅੱਜ ਫਜ਼ੂਲ ਦੇ ਖਰਚੇ ਸੀਮਤ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਖੇਤੀ ਪ੍ਰਤੀ ਸਾਡੀ ਉਣੀ ਸੋਚ ਅਤੇ ਪਹੁੰਚ ਕਰਕੇ ਪਿਛਲੇ ਸਮੇਂ ਦੌਰਾਨ ਪੰਜਾਬ ਨੇ ਬਹੁਤ ਕੁਝ ਗਵਾਇਆ ਹੈ। ਪਰ ਹੁਣ ਸਮਾਂ ਬਦਲ ਗਿਆ ਹੈ। ਸੂਬੇ ਵਿੱਚ ਆਪ ਦੀ ਸਰਕਾਰ ਬਣਨ ਨਾਲ ਹਰ ਤਰ੍ਹਾਂ ਦੇ ਪਾੜੇ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੀ ਆਬਾਦੀ ਦਾ ਮੁੱਖ ਕਿੱਤਾ ਖੇਤੀਬਾੜੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦਾ ਮੁੱਖ ਕੰਮ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਆਧੁਨਿਕ ਤਕਨੀਕਾਂ, ਕਿਸਾਨਾਂ ਨੂੰ ਉੱਚ ਮਿਆਰ ਦੇ ਬੀਜ, ਦਵਾਈਆਂ ਅਤੇ ਖਾਦਾਂ ਮੁਹੱਈਆ ਕਰਾਉਣਾ, ਕਿਸਾਨ ਸਿਖਲਾਈ ਕੈਂਪਾਂ ਅਤੇ ਨਿੱਜੀ ਤਾਲਮੇਲ ਰਾਹੀਂ ਫਸਲਾਂ ਸਬੰਧੀ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਦੇਣਾ ਹੈ। ਸਮੇਂ ਦੀ ਲੋੜ ਅਨੁਸਾਰ ਆਧੁਨਿਕ ਢੰਗਾਂ ਨਾਲ ਖੇਤੀ ਕੀਤੀ ਜਾਵੇ ਤਾਂ ਜੋ ਕਿਸਾਨ ਘੱਟ ਖਰਚ ਕਰਕੇ ਵੱਧ ਫਾਇਦਾ ਪ੍ਰਾਪਤ ਕਰ ਸਕਣ। ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਨਿਯਮਬੱਧ ਤਰੀਕੇ ਨਾਲ ਲਾਗੂ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ ਤੇ ਕਿਸਾਨਾਂ ਨੂੰ ਵੱਖ ਵੱਖ ਤਰੀਕਿਆਂ ਰਾਹੀਂ ਜਾਗ੍ਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਆਧੁਨਿਕ ਤਕਨੀਕਾਂ ਨੂੰ ਸਮਝ ਅਤੇ ਵੇਖ ਕੇ ਅਪਣਾ ਸਕਣ ਅਤੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਵਿਭਿੰਨਤਾ ਲਿਉਣਾ ਅੱਜ ਸਮੇਂ ਦੀ ਲੋੜ ਹੈ। ਪਾਣੀ ਦੀ ਦੁਰਵਰਤੋਂ ਅਤੇ ਬੇਲੋੜੀਆਂ ਖਾਦਾਂ ਦੀ ਵਰਤੋਂ ਘੱਟ ਕੀਤੀ ਜਾਵੇ।
ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ। ਆਪ ਪਾਰਟੀ ਕੋਲ ਸਮਾਂ ਬਹੁਤ ਘੱਟ ਹੈ ਪਰ ਕਰਨ ਵਾਲਾ ਬਹੁਤ ਕੁਝ ਹੈ। ਉਹਨਾਂ ਕਿਹਾ ਕਿ ਆਪ ਪਾਰਟੀ ਹਰੇਕ ਪੰਜਾਬ ਵਾਸੀ ਦੀ ਇੱਛਾਵਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਹ ਸਾਰੀਆਂ ਇੱਛਾਵਾਂ ਪੂਰੀਆਂ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਨਸ਼ੇ ਨੂੰ ਜੜ੍ਹੋਂ ਖਤਮ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ ਇਹ ਪ੍ਰੋਗਰਾਮ ਕਿਸਾਨਾਂ ਨਾਲ ਜ਼ਮੀਨੀ ਪੱਧਰ ਉੱਤੇ ਜੁੜਨ ਲਈ ਪੰਜਾਬ ਸਰਕਾਰ ਦਾ ਉਪਰਾਲਾ ਹੈ ਜਿਸ ਨੂੰ ਹਰ ਹੀਲੇ ਸਫ਼ਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨ ਕੁਦਰਤੀ ਸਮਤੋਲ ਨੂੰ ਬਣਾਈ ਰੱਖਣ ਵਿੱਚ ਸਹਿਯੋਗ ਕਰਨ।
ਸੰਤ ਬਾਬਾ ਗੁਰਮੀਤ ਸਿੰਘ ਖੋਸਾ ਪਾਂਡੋ ਵਾਲਿਆਂ ਨੇ ਸਮੂਹ ਹਾਜ਼ਰੀਨ ਨੂੰ ਕੁਦਰਤ ਨਾਲ ਜੁੜਨ, ਕੁਦਰਤੀ ਖੇਤੀ ਕਰਨ, ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜ ਭਲਾਈ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
ਮੁੱਖ ਖੇਤੀਬਾੜੀ ਅਫ਼ਸਰ ਸ੍ਰ ਪ੍ਰਿਤਪਾਲ ਸਿੰਘ ਨੇ ਸਮੂਹ ਹਾਜ਼ਰੀਨ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਸ੍ਰ ਜਸਵਿੰਦਰ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰ ਹਰਮਨ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਸ ਮੌਕੇ ਉੱਦਮੀ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਖੇਤੀ ਉਤਪਾਦਾਂ ਅਤੇ ਸਾਜੋ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

LEAVE A REPLY

Please enter your comment!
Please enter your name here