ਚੰਡੀਗੜ੍ਹ, 10 ਅਪ੍ਰੈਲ ( ਬਿਓਰੋ ) -ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੱਡੀ ਕਾਰਵਾਈ ਪੰਜਾਬ ਪੁਲਿਸ ਅਤੇ ਸੀ.ਆਈ.ਏ ਦੀ ਸਾਂਝੀ ਮੁਹਿੰਮ ਤਹਿਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਪਲਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦ ਹੀ ਪੁਲਿਸ ਪੱਪਲਪ੍ਰੀਤ ਦੀ ਗ੍ਰਿਫਤਾਰੀ ਬਾਰੇ ਪੁਸ਼ਟੀ ਕਰੇਗੀ। ਇਸ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 400 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ 350 ਤੋਂ ਵੱਧ ਲੋਕਾਂ ਨੂੰ ਰਿਹਾਅ ਵੀ ਕੀਤਾ ਗਿਆ ਹੈ। ਇਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਐਨਆਰਆਈ ਜਸਵਿੰਦਰ ਸਿੰਘ ਪਾਂਗਲੀ ਨੂੰ ਫੜ ਲਿਆ ਸੀ। ਪਰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਉਸ ਨੂੰ ਰਿਹਾਅ ਕਰ ਦਿੱਤਾ।