ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ ( ਅਸ਼ਵਨੀ,ਮੋਹਿਤ ਜੈਨ)-ਸ਼ਹਿਰੀ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਦੇਣ ਲਈ ਅਧਿਕਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼੍ਰੀ ਅਜੈ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ, ਬਸੀ ਪਠਾਣਾ ਤੇ ਨਗਰ ਪੰਚਾਇਤ ਖਮਾਣੋਂ ਦੇ ਕਾਰਜ ਸਾਧਕ ਅਫਸਰਾਂ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇ। ਲਿਬੜਾ ਨੇ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚ ਰਹਿੰਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਲੋੜੀਂਦੀ ਰਾਸ਼ੀ ਅਤੇ ਪ੍ਰੋਜੈਕਟ ਪੂਰੇ ਕਰਨ ਵਿੱਚ ਪੇਸ਼ ਆ ਰਹੀਆ ਮੁਸ਼ਕਲਾਂ ਬਾਰੇ ਵੀ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪੰਜਾਬ ਸਰਕਾਰ ਨਾਲ ਰਾਵਤਾ ਕਰਕੇ ਇਹ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਮੁਕੰਮਲ ਕੀਤੇ ਜਾ ਸਕਣ।ਚੇਅਰਮੈਨ ਲਿਬੜਾ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਵਿੱਚ ਵਾਧਾ ਕਰਕੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਣ ਵਿੱਚ ਯੋਗਦਾਨ ਦੇਣ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਸਹੀ ਅਰਥਾਂ ਵਿੱਚ ਯੋਗ ਵਿਅਕਤੀਆਂ ਤੱਕ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਇੱਕ ਇਮਾਨਦਾਰ ਸਰਕਾਰ ਹੈ ਜੋ ਕਿ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ। ਇਸ ਲਈ ਜਰੂਰੀ ਹੈ ਕਿ ਅਧਿਕਾਰੀ ਸਰਕਾਰ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾ ਕੇ ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਪਹੁੰਚਾਣ।ਮੀਟਿੰਗ ਵਿੱਚ ਨਗਰ ਕੌਂਸਲ ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਗੁਰਬਖਸ਼ੀਸ਼ ਸਿੰਘ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਕੇ.ਐਸ. ਬਰਾੜ, , ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਮਨਜੀਤ ਸਿੰਘ, ਨਗਰ ਪੰਚਾਇਤ ਖਮਾਣੋ ਦੇ ਰਜਨੀਸ਼ ਸੂਦ, ਜਲ ਸਪਲਾਈ ਵਿਭਾਗ ਦੇ ਪਰਮਦੀਪ ਸਿੰਘ ਆਮ ਆਦਮੀ ਪਾਰਟੀ ਦੇ ਸਿਮਰਨਜੀਤ ਸਿੰਘ ਲੱਕੀ ਅਤੇ ਨਵਦੀਪ ਸਿੰਘ ਨਵੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।