ਜਗਰਾਉਂ, 10 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ )-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਜਿਸ ਵਿਚ ਜਨਰਲ ਸਕੱਤਰ ਰਸ਼ਪਾਲ ਸਿੰਘ, ਮੀਤ ਪ੍ਰਧਾਨ ਰਘੁਵੀਰ ਸਿੰਘ, ਸਕੱਤਰ ਧਨਵੰਤ ਸਿੰਘ, ਹਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਅਮਿ੍ਰਤਸਰ,ਅਮਿ੍ਰਤਸਰ ਇਕਾਈ ਦੇ ਸਕੱਤਰ ਪ੍ਰਭਜੀਤ ਸਿੰਘ, ਬਲਵਿੰਦਰ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਤੇ ਹੋਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਝੋਨੇ ਦੀ ਬਿਜਾਈ ਤੋਂ ਪਹਿਲਾਂ ਜ਼ਿਲ੍ਹਾ ਲੁਧਿਆਣਾ ਅਤੇ ਕਪੂਰਥਲਾ ਜ਼ਿਲਿ੍ਹਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕਰਨ ਦਾ ਫੈਸਲਾ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੀ ਸਥਿਤੀ ਅਤੇ ਦਿਸ਼ਾ ਬਾਰੇ ਚਰਚਾ ਕੀਤੀ ਗਈ। ਜਿਸ ਦੇ ਸਿੱਟੇ ਵਜੋਂ ਇਹ ਨਤੀਜਾ ਕੱਢਿਆ ਗਿਆ ਕਿ ਕਿਸਾਨ ਸੰਘਰਸ਼ ਮੌਕੇ ਧਰਨਾ ਉਠਾਇਆ ਗਿਆ ਸੀ ਪਰ ਸੰਘਰਸ਼ ਵਾਪਸ ਨਹੀਂ ਸੀ ਲਿਆ ਗਿਆ। ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ, ਜਿਸ ਨੂੰ ਮਜ਼ਬੂਤ ਕਰਨ ਲਈ ਜਥੇਬੰਦੀ ਆਪਣਾ ਯੋਗਦਾਨ ਪਾਉਂਦੀ ਰਹੇਗੀ। ਇਸ ਮੌਕੇ ਦਿੱਲੀ ਦੇ ਧਰਨੇ ਮੌਕੇ ਕਿਸਾਨੀ ਮੰਗਾਂ ਜਿੰਨਾਂ ਵਿਚ ਐਮ.ਐਸ.ਪੀ ਅਤੇ ਬਿਜਲੀ ਬਿੱਲਾਂ ਦੀ ਗਰੰਟੀ ਵਾਲਾ ਕਾਨੂੰਨ ਬਣਾਉਣਾ, ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਫ਼ਸਲ ਖ਼ਰਾਬ ਹੋਣ ਦੀ ਸੂਰਤ ਵਿੱਚ ਪੂਰਾ ਮੁਆਵਜ਼ਾ ਦੇਣ ਲਈ ਕਾਨੂੰਨ ਬਣਾਉਣ, ਬੁਢਾਪਾ ਪੈਨਸ਼ਨ, ਲਖੀਮਪੁਰ ਖੇੜੀ ਕਤਲੇਆਮ ਨਾਲ ਸਬੰਧਤ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਪੰਜਾਬੀਆਂ ਦੀ ਚੇਤਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੱਕ ਅਜਿਹੀ ਕੋਈ ਘਟਨਾ ਨਹੀਂ ਵਾਪਰੀ, ਜਿੱਥੇ ਇੱਕ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਦੂਜੇ ਭਾਈਚਾਰੇ ’ਤੇ ਹਮਲਾ ਕੀਤਾ ਹੋਵੇ। ਅਸਲ ਵਿਚ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਭਟਕਾਉਣ ਲਈ ਸਰਕਾਰਾਂ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਸਾਰਿਆਂ ਨੂੰ ਆਪਸੀ ਪਿਆਰ ਅਤੇ ਸਦਭਾਵਨਾ ਬਣਾਈ ਰੱਖਣ ਲਈ ਕਿਹਾ। ਇਸ ਮੌਕੇ ਮੰਗ ਕੀਤੀ ਗਈ ਕਿ ਕੇਂਦਰੀ ਸੁਰੱਖਿਆ ਬਲਾਂ ਨੂੰ ਪੰਜਾਬ ਵਿੱਚੋਂ ਵਾਪਸ ਭੇਜਿਆ ਜਾਵੇ, ਐਨਐਸਏ ਵਰਗੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਬੰਦ ਕੀਤੀ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਬੇਕਸੂਰ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।