ਜਗਰਾਉਂ, 11 ਅਪ੍ਰੈਲ ( ਵਿਕਾਸ ਮਠਾੜੂ)- ਜੀ.ਐੰਚ.ਜੀ. ਅਕੈਡਮੀ ਵਿਖੇ ਅੱਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਅਧਿਆਪਕ ਸਰਦਾਰ ਹਰਵਿੰਦਰ ਸਿੰਘ ਜੀ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ ਅਸਮਾਨ ਚੀਰਿਆ ਗਿਆ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਤੇਗ ਬਹਾਦਰ ਜੀ ਦਾ ਜਨਮ 1621 ਈਸਵੀਂ ਨੂੰ ਅੰਮ੍ਰਿਤਸਰ, ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ, ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ।ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ। ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ। ਉਨ੍ਹਾਂ ਨੂੰ 1664 ਈਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਈ ਮੱਖਣ ਸ਼ਾਹ ਲੁਬਾਣਾ ਜੀ ਦੀ ਸਾਖੀ ਸੁਣਾਦਿਆਂ ਦੱਸਿਆ ਕਿ ਉਸ ਨੇ ਕਿਵੇਂ ਸੱਚੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਹਿਚਾਣ ਕੀਤੀ ਅਤੇ ‘ਗੁਰੂ ਲਾਧੋ ਰੇ ਦਾ ਹੋਕਾ ਦਿੱਤਾ’।
ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਦੀ ਅਗਵਾਈ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਬਾਰੇ ਦੱਸਦੇ ਹੋਏ ਉਨ੍ਹਾਂ ਉੱਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਨੇ ਸਮੂਹ ਸਟਾਫ ,ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ।