Home Education ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਾਸਤੇ ਦੋ...

ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਾਸਤੇ ਦੋ ਦਿਨਾਂ ਵਿਸ਼ੇਸ਼ ਮੁਹਿੰਮ “ਨੰਨ੍ਹੇ ਕਦਮ” ਦੀ ਕੀਤੀ ਸ਼ੁਰੂਆਤ

51
0


ਤਰਨ ਤਾਰਨ, 12 ਅਪ੍ਰੈਲ (ਰਾਜੇਸ਼ ਜੈਨ – ਰੋਹਿਤ ਗੋਇਲ) : ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਾਸਤੇ ਦੋ ਦਿਨਾਂ ਵਿਸ਼ੇਸ਼ ਮੁਹਿੰਮ “ਨੰਨ੍ਹੇ ਕਦਮ” ਸ਼ੁਰੂ ਕੀਤੀ ਗਈ।ਇਸ ਮੁਹਿੰਮ ਤਹਿਤ ਉਹਨਾਂ ਵੱਲੋਂ ਹਲਕਾ ਖੇਮਕਰਨ ਅਤੇ ਪੱਟੀ ਦੇ ਸਰਕਾਰੀ ਸਕੂਲਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਸ, ਸਰਕਾਰੀ ਐਲੀਮੈਂਟਰੀ ਸਕੂਲ ਖੇਮਕਰਨ,ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਕੈਂਰੋ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਲੜਕੀਆਂ ਦਾ ਦੌਰਾ ਕੀਤਾ ਅਤੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ।ਇਸ ਦੌਰਾਨ ਹਲਕਾ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵੀ ਉਹਨਾਂ ਦੇ ਨਾਲ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਬੈਂਸ ਨੇ ਦੱਸਿਆ ਕਿ “ਨੰਨ੍ਹੇ ਕਦਮ” ਮੁਹਿੰਮ ਤਹਿਤ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਨਵੇਂ ਦਾਖਲ ਹੋਏ ਨੰਨ੍ਹੇ ਫ਼ਰਿਸ਼ਤਿਆਂ ਨੂੰ ਸਕੂਲ ਦਾ ਸਟਾਫ,ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਤਵੰਤੇ ਸੱਜਣ ਜੀ ਆਇਆਂ ਨੂੰ ਕਹਿਣਗੇ।ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਸਮੁੱਚੇ ਸਿੱਖਿਆ ਪ੍ਰਬੰਧ ਨੂੰ ਸ਼ਾਨਦਾਰ ਬਣਾਉਣ ਅਤੇ ਗੁਣਾਤਮਕ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਵਚਨਬੱਧ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਬਿਹਤਰ ਸਕੂਲ ਹੋਣਗੇ।ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਕੈਂਰੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਕਿਹਾ ਕਿ ਰਾਜ ਦੇ ਵੱਖ-ਵੱਖ ਸਕੂਲਾਂ ਵਿੱਚ ਲੱਗਭੱਗ 3000 ਨਵੇਂ ਕਮਰਿਆਂ ਦੀ ਉਸਾਰੀ ਚੱਲ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤਕਾਰੀ ਸੁਧਾਰ ਕੀਤੇ ਗਏ ਹਨ।ਉਹਨਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਬਹੁਤ ਪਛੜਿਆ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹਰ ਹਾਲਤ ਵਿੱਚ ਅੱਗੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਸਰਹੱਦੀ ਇਲਾਕਾ ਹੋਣ ਕਰਕੇ ਤਰਨ ਤਾਰਨ ਦੇ ਸਕੂਲਾਂ ਵਿੱਚ ਅਧਿਆਪਕਾ ਦੀ ਬਹੁਤ ਘਾਟ ਸੀ ਅਤੇ 31 ਜੁਲਾਈ ਤੱਕ ਜ਼ਿਲ੍ਹਾ ਤਾਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਸੌ ਫੀਸਦੀ ਅਧਿਆਪਕ ਮੁਹੱਈਆ ਕਰਵਾ ਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।ਇਸ ਮੌਕੇ ਮੀਡੀਆ ਇੰਚਾਰਜ ਸਿੱਖਿਆ ਵਿਭਾਗ ਗੁਰਮੀਤ ਸਿੰਘ ਬਰਾੜ,ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਬਚਨ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here