ਤਰਨ ਤਾਰਨ, 12 ਅਪ੍ਰੈਲ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ ਹੋਣ ਦੀ ਸੰਭਾਵਨਾ ਹੈ, ਜਿਸ ਲਈ ਜਿਲਾ ਪ੍ਰਸਾਸ਼ਨ ਤਰਨ ਤਾਰਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 60 ਸਥਾਈ ਸਥਾਪਿਤ ਕੀਤੀਆਂ ਗਈਆ ਹਨ।ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ 6,18,376 ਮੀਟਰਿਕ ਟਨ ਸੀ ਅਤੇ ਇਸ ਵਾਰ ਵੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਏਨੀ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈੱਡ, ਐੱਫ਼. ਸੀ. ਆਈ,ਪਨਗਰੇਨ, ਪਨਸਪ,ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਬਦਲੇ ਨਿਰਧਾਰਿਤ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਸਮੂਹ ਐੱਸ. ਡੀ. ਐਮਜ਼ ਆਪਣੀਆਂ ਸਬ-ਡਵੀਜ਼ਨਾਂ ਵਿੱਚ ਨਿੱਜੀ ਤੌਰ ‘ਤੇ ਕਣਕ ਦੀ ਸੁਚਾਰੂ ਖਰੀਦ ਦੀ ਨਿਗਰਾਨੀ ਕਰਨਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।ਇਸ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਵਿੱਚ ਕਣਕ ਦੀ ਖਰੀਦ ਲਈ ਏਜੰਸੀਆਂ ਨੂੰ ਮੰਡੀਆਂ ਦੀ ਵੰਡ ਤੇ ਕੋਟਾ ਨਿਰਧਾਰਿਤ ਕਰ ਦਿੱਤਾ ਗਿਆ ਹੈ।ਇਸ ਮੌਕੇ ਜਿਲ੍ਹੇ ਦੀਆਂ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰ ਜਸਜੀਤ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਤਰਨ ਤਾਰਨ,ਗਗਨਦੀਪ ਸਿੰਘ ਜਿਲ੍ਹਾ ਮੈਨੇਜਰ ਪੰਜਾਬ ਵੇਅਰ ਹਾਊਸ, ਗੁਰਪ੍ਰੀਤ ਸਿੰਘ ਜਿਲ੍ਹਾ ਮੈਨੇਜਰ ਮਾਰਕਫੈੱਡ,ਗੁਰਵਿੰਦਰ ਸਿੰਘ ਜਿਲ੍ਹਾ ਮੈਨੇਜਰ ਪਨਸਪ,ਪਰਦੀਪ ਰਾਗਵਨ ਜਿਲਾ ਮੈਨੇਜਰ ਐਫ.ਸੀ.ਆਈ, ਹਰਜੋਤ ਸਿੰਘ ਜਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਮਾਰਕਿਟ ਕਮੇਟੀਆਂ ਦੇ ਸੈਕਟਰੀ ਹਾਜ਼ਰ ਸਨ।