ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਸੰਯਮ ਅਗਰਵਾਲ
ਮਾਲੇਰਕੋਟਲਾ 12 ਅਪ੍ਰੈਲ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜੀ ਸੀਜ਼ਨ ‘ਚ ਕਣਕ ਦੀ ਖ਼ਰੀਦ 01 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ। ਕਣਕ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦਿੰਦਿਆਂ ਦੱਸਿਆ ਕਿ ਭਾਵੇਂ ਬੇਮੌਸਮੀ ਬਾਰਸ਼ ਕਾਰਨ ਮੰਡੀਆਂ ‘ਚ ਭਾਵੇਂ ਕਣਕ ਦੀ ਆਮਦ ਹਾਲੇ ਘੱਟ ਹੈ। ਜ਼ਿਲ੍ਹੇ ਵਿੱਚ ਸਥਾਪਤ 45 ਮੰਡੀਆਂ ਵਿੱਚੋਂ 08 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਕੱਲ੍ਹ ਸ਼ਾਮ ਤੱਕ 1085 ਮੀਟਰਿਕ ਟਨ ਕਣਕ ਪੁੱਜੀ । ਜ਼ਿਲ੍ਹੇ ਵਿੱਚ ਪੁੱਜੀ ਕਣਕ ਵਿਚੋਂ 565 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਨਾਲ ਨਾਲੋਂ ਨਾਲ ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਖ਼ਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 365 ਮੀਟਰਿਕ, ਮਾਰਕਫੈਡ ਵੱਲੋਂ 100 ਮੀਟਰਿਕ ਟਨ, ਪਨਸਪ ਵੱਲੋਂ 100 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਕਣਕ ਦੀ ਕਿਸਾਨਾਂ ਨੂੰ ਹੁਣ ਤੱਕ 50 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।