ਚੰਡੀਗੜ੍ਹ, 13 ਅਪ੍ਰੈਲ ( ਰਾਜੇਸ਼ ਜੈਨ, ਭਗਵਾਨ ਭੰਗੂ) -ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ।
ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ।ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।