“ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਕਰ ਰਹੀ ਹੈ ਵਿਸ਼ੇਸ ਯਤਨ – ਲਾਲ ਚੰਦ ਕਟਾਰੂਚੱਕ
ਬਟਾਲਾ, 14 ਅਪ੍ਰੈਲ (ਲਿਕੇਸ਼ ਸ਼ਰਮਾ – ਮੋਹਿਤ ਜੈਨ) : ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ‘ਰੰਗਲਾ ਪ੍ਰੋਗਰਾਮ’ ਅਮਿੱਟ ਯਾਦਾਂ ਬਿਖੇੜਦਾ ਸਫਲਤਾਪੂਰਵਕ ਸਮਾਪਤ ਹੋਇਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਲਾਲ ਚੰਦ ਕਟਾਰੂਚੱਕ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਹਲਕਾ ਵਿਧਾਇਕ ਬਟਾਲਾ ਸ਼ੈਰੀ ਕਲਸੀ, ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਗੁਰਦੀਪ ਸਿੰਘ ਰੰਧਾਵਾ ਉੱਘੇ ਜਨਤਕ ਆਗੂ ਹਲਕਾ ਡੇਰਾ ਬਾਬਾ ਨਾਨਕ, ਸਮਸ਼ੇਰ ਸਿੰਘ ਉੱਘੇ ਜਨਤਕ ਆਗੂ ਹਲਕਾ ਦੀਨਾਨਗਰ, ਅਮਰੀਕ ਸਿੰਘ ਭਰਾ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਆਦਿ ਮੋਜੂਦ ਸਨ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਨਾਮਵਰ ਕਵੀਆਂ ਤੇ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ‘ਰੰਗਲਾ ਪ੍ਰੋਗਰਾਮ’ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਸਰਕਾਰ ਤੇ ਆਪਣੇ ਵਲੋਂ ਸਾਰਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕਰਵਾਏ ਸਮਾਗਮ ਦੀ ਭਰਵੀਂ ਸ਼ਲਾਘਾ ਕੀਤੀ।