ਚੰਡੀਗੜ੍ਹ , 25 ਮਾਰਚ ( ਰਾਜੇਸ਼ ਜੈਨ, ਰੋਹਿਤ ਗੋਇਲ)-: ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ‘ਤੇ ਪੰਜਾਬ ਭਰ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਇਥੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੂੰ ਸੌਂਪਿਆ। ਕਿਸਾਨ ਮੋਰਚੇ ਨੇ ਤੈਅ ਪ੍ਰੋਗਰਾਮ ਟਰੈਕਟਰ ਮਾਰਚ ਦੀ ਬਜਾਏ ਬੱਸ ਉਤੇ ਰਾਜ ਭਵਨ ਪੁੱਜੇ। ਲਗਭਗ 30 ਕਿਸਾਨ ਬੱਸ ਰਾਹੀਂ ਰਾਜਭਵਨ ਪੁੱਜੇ।ਕਿਸਾਨ ਆਗੂਆਂ ਨੇ ਵੱਖ-ਵੱਖ ਮੁੱਦਿਆਂ ਉਤੇ ਰਾਜਪਾਲ ਨਾਲ ਮੀਟਿੰਗ ਕੀਤੀ ਤੇ ਬਾਅਦ ਵਿੱਚ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿਖੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 101 ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ। ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਨਿਸ਼ਕਾਮ ਸੇਵਾ ਸੁਸਾਇਟੀ ਯੂਐਸਏ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਚੈਕ ਸੌਂਪੇ ਗਏ।
ਸੰਯੁਕਤ ਕਿਸਾਨ ਮੋਰਚੇ ਨੇ ਵੱਖ-ਵੱਖ ਮੁੱਦਿਆਂ ਉਤੇ ਕੇਂਦਰ ਸਰਕਾਰ ਨੇ ਘੇਰੀ ਰੱਖਿਆ। ਕਿਸਾਨ ਜਥੇਬੰਦੀਆਂ ਨੇ MSPਦੇ ਮੁੱਦੇ ਨੂੰ ਲੈ ਕੇਂਦਰੀ ਖੇਤੀਬਾੜੀ ਵਿਭਾਗ ਨੂੰ ਚਿੱਠੀ ਲਿਖੀ ਅਤੇ ਸਰਕਾਰ ਤੋਂ ਕਮੇਟੀ ਦੀ ਬਣਤਰ ਬਾਰੇ ਪੁੱਛਿਆ। ਇਸ ਤੋਂ ਇਲਾਵਾ ਇਹ ਸਵਾਲ ਕੀਤਾ ਕਿ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਸਰਕਾਰ ਮੰਨੇਗੀ ਜਾਂ ਨਹੀਂ। ਕਿਸਾਨਾਂ ਨੇ ਰਾਜਪਾਲ ਨਾਲ ਵਧੀਆ ਮਾਹੌਲ ਵਿੱਚ ਮੀਟਿੰਗ ਹੋਣ ਦਾ ਦਾਅਵਾ ਕੀਤਾ। ਕਿਸਾਨਾਂ ਨੇ ਕਿਹਾ ਕਿ ਅਸੀਂ ਅੰਦੋਲਨ ਮੁਲਤਵੀ ਕੀਤਾ ਸੀ ਨਾ ਕਿ ਖਤਮ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਲਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਕਰਜ਼ ਮੁਆਫੀ ਦਾ ਮੁੱਦਾ ਚੁੱਕਾਂਗੇ।ਕਿਸਾਨ MSP ਦੇ ਮੁੱਦੇ ਨੂੰ ਲੈ ਕੇ ਵੀ ਕੇਂਦਰ ਸਰਕਾਰ ਦੇ ਰੁਖ ਉਤੇ ਸਖਤ ਇਤਰਾਜ਼ ਜ਼ਾਹਿਰ ਕਰ ਰਹੇ ਹਨ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਰਕਾਰ ਦੀ ਪੁਸ਼ਤਪਨਾਹੀ ਦਾ ਵੀ ਇਲਜ਼ਾਮ ਵੀ ਲਗਾਇਆ ਗਿਆ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਇਹ ਅੰਦੋਲਨ ਖ਼ਤਮ ਹੋਣ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਨਾਲ ਲਗਾਤਾਰ ਹੋ ਰਹੀ ਵਾਅਦਾਖ਼ਿਲਾਫ਼ੀ ਵਿਰੁੱਧ ਰੋਸ ਹੈ।ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਡੇ ਰਾਹੀਂ ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਕਿਸਾਨ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰਨ। ਅਸੀਂ 11 ਤੋਂ 17 ਅਪ੍ਰੈਲ ਤੱਕ ਐਮਐਸਪੀ ਦਾ ਕਾਨੂੰਨੀ ਗਾਰੰਟੀ ਹਫਤਾ ਮਨਾਉਣ ਦਾ ਫ਼ੈਸਲਾ ਕੀਤਾ ਹੈ। ਜੇ ਉਸ ਸਮੇਂ ਤਕ ਵੀ ਸਰਕਾਰ ਨੇ ਆਪਣਾ ਵਾਅਦਾ ਨਾ ਪੂਰਾ ਕੀਤਾ ਤਾਂ ਕਿਸਾਨ ਮੁੜ ਅੰਦੋਲਨ ਕਰਨ ਲਈ ਮਜਬੂਰ ਹੋਣਗੇ।