ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ ( ਮੋਹਿਤ ਜੈਨ)-ਜ਼ਿਲ੍ਹੇ ਅੰਦਰ ਚੱਲ ਰਹੇ ਸਮੁੱਚੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅਨੁਸਾਰ ਪੂਰਾ ਕਰਨ ਲਈ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕੰਮ ਦੀ ਗੁਣਵੰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਦਿੱਤੇ। ਉਹਨਾਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਸਬੰਧੀ ਚੱਲ ਰਹੇ ਕੰਮ ਦੀ ਸਮੀਖਿਆ ਕਰਦੇ ਹੋਏ ਤਹਿਸੀਲਦਾਰ ਚੋਣਾਂ ਨੂੰ ਕਿਹਾ ਕਿ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਟਿੱਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਹਨਾਂ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਨ ਕਾਰਡਾਂ ਦੀ ਪੜਤਾਲ ਦਾ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਤਾਂ ਜੋ ਲੋੜਵੰਦ ਲਾਭਪਾਤਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਪੁਲਿਸ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਨਸ਼ਿਆਂ ਤੇ ਕਾਬੂ ਪਾਉਣ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਜਿੱਥੇ ਕਿੱਥੇ ਉਹਨਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਇਸ ਇਲਾਕੇ ਵਿੱਚ ਜ਼ਿਆਦਾ ਲੋਕ ਨਸ਼ੇ ਦੇ ਆਦੀ ਹੋ ਚੁੱਕੇ ਹਨ ਤਾਂ ਉਹ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਥੇ ਕੈਂਪ ਲਗਾ ਕੇ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਓ ਕੇਂਦਰਾਂ ਰਾਹੀਂ ਨਸ਼ਿਆਂ ਤੋਂ ਮੁਕਤ ਕਰਵਾਇਆ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਡਾਕਟਰ ਰਵਜੋਤ ਗਰੇਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਬਣਦਾ ਸਹਿਯੋਗ ਕਰਨ।ਉਹਨਾਂ ਕਿਹਾ ਕਿ ਜਿੱਥੇ ਕਈ ਨਸ਼ੇ ਦੇ ਸੋਦਾਗਰ ਬਾਹਰੋਂ ਲਿਆ ਕੇ ਮੈਡੀਕਲ ਨਸ਼ੇ ਵੇਚਦੇ ਹਨ ਉਹਨਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਪਿੰਡਾਂ ਵਿੱਚ ਕੋਈ ਨਸ਼ਿਆਂ ਦੀ ਖੇਤੀ ਕਰਦਾ ਹੈ ਤਾਂ ਉਸ ਬਾਰੇ ਵੀ ਦਸਿਆ ਜਾਵੇ ਅਤੇ ਵਿਹਲੀਆਂ ਥਾਂਵਾਂ ਤੇ ਅਪਣੇ ਆਪ ਪੈਦਾ ਹੋਈ ਭੰਗ ਦੀ ਬੂਟੀ ਨੂੰ ਖਤਮ ਕਰਵਾਉਣ ਵਿੱਚ ਵੀ ਯੋਗਦਾਨ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੁਪਿਰਤਾ ਜੌਹਲ, ਐਸ.ਪੀ. ਜਾਂਚ ਦਿਗਵਿਜੈ ਕਪਿਲ, ਐਸ.ਡੀ.ਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਬਸੀ ਪਠਾਣਾਂ ਅਸ਼ੋਕ ਕੁਮਾਰ, ਐਸ.ਡੀ.ਐਮ ਖਮਾਣੋ ਸ੍ਰੀਮਤੀ ਪਰਲੀਨ ਕਾਲਿਕਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।